ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲੇ ਦੀ ਸੁਣਵਾਈ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

104
Share

ਨਵੀਂ ਦਿੱਲੀ, 26 ਨਵੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਬਠਿੰਡਾ ਵਿਖੇ ਸਾਲ 2015 ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਸੁਣਵਾਈ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡੇਰਾ ਸਿਰਸਾ ਦੇ ਮੈਂਬਰਾਂ ਵੱਲੋਂ ਦਾਇਰ ਪਟੀਸ਼ਨ ‘ਚ ਉਕਤ ਮਾਮਲੇ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ‘ਚ ਤਬਦੀਲ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਸੀ ਕਿ ਇਸ ਮਾਮਲੇ ਦੀ ਪੰਜਾਬ ਵਿਚ ਨਿਰਪੱਖ ਸੁਣਵਾਈ ਨਹੀਂ ਹੋਵੇਗੀ ਤੇ ਨਾਲ ਹੀ ਸੂਬੇ ‘ਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਵੀ ਬਣਿਆ ਰਹੇਗਾ।
ਸੁਪਰੀਮ ਕੋਰਟ ਦੇ ਜੱਜ ਸੰਜੇ ਕਿਸ਼ਨ ਕੌਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਹ ਆਖਦੇ ਹੋਏ ਪਟੀਸ਼ਨ ਖ਼ਾਰਜ ਕਰ ਦਿੱਤੀ ਕਿ ਇਸ ਮਾਮਲੇ ਨੂੰ ਦੂਜੇ ਸੂਬੇ ‘ਚ ਤਬਦੀਲ ਕਰਨ ਦਾ ਕੋਈ ਕਾਰਨ ਨਹੀਂ ਦਿਸਦਾ। ਹਾਲਾਂਕਿ ਅਦਾਲਤ ਨੇ ਸੁਣਵਾਈ ਕਰ ਰਹੀ ਅਦਾਲਤ ਨੂੰ ਇਸ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਸੁਣਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ‘ਚ ਕੁੱਲ 8 ਦੋਸ਼ੀਆਂ ਨੇ ਪਟੀਸ਼ਨ ਦਾਖ਼ਲ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਦਿੱਲੀ ਜਾਂ ਕਿਸੇ ਹੋਰ ਸੂਬੇ ‘ਚ ਕਰਵਾਉਣ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਇਹ ਮਾਮਲਾ ਬਠਿੰਡਾ ‘ਚ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨਾਲ ਸਬੰਧਿਤ ਹੈ ਅਤੇ ਡੇਰਾ ਸਿਰਸਾ ਦੇ 8 ਮੈਂਬਰਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਦੋਸ਼ ਹੈ।


Share