#PUNJAB

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਅਤੇ ਸੈਣੀ ਖ਼ਿਲਾਫ਼ ਚਾਲਾਨ ਪੇਸ਼

ਫਰੀਦਕੋਟ, 25 ਫਰਵਰੀ (ਪੰਜਾਬ ਮੇਲ)- ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਕਰੀਬ 7 ਹਜ਼ਾਰ ਪੰਨਿਆਂ ਦਾ ਦੋਸ਼ ਪੱਤਰ ਅੱਜ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀਨ ਡੀਜੀਪੀ ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਸਨ। ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਵੱਲੋਂ ਰਚੀ ਗਈ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਕਥਿਤ ਵੱਡੀ ਭੂਮਿਕਾ ਨਿਭਾਈ। ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ ਅਮਰ ਸਿੰਘ ਚਾਹਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਉਸ ਵੇਲੇ ਦੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਇਸ ਚਲਾਨ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੋਈ ਹੈ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏਡੀਜੀਪੀ ਐੱਲ.ਕੇ. ਯਾਦਵ, ਰਾਕੇਸ਼ ਕੁਮਾਰ ਅਗਰਵਾਲ ਅਤੇ ਗੁਲਨੀਤ ਸਿੰਘ ਖੁਰਾਣਾ ਚਲਾਨ ਪੇਸ਼ ਕਰਨ ਲਈ ਆਏ ਪਰੰਤੂ ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ।

Leave a comment