#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 180 ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਪੰਜਾਬ ਮੇਲ)- ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ 180 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾ ਵਾਰ ਸਹਾਇਤਾ ਰਾਸ਼ੀ ਬੇਸਹਾਰਾ ਵਿਧਵਾਵਾਂ, ਬੇਸਹਾਰਾ ਬਜ਼ੁਰਗਾਂ, ਅਤੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ। ਇਹ ਲੜੀ ਪਿਛਲੇ 6 ਸਾਲਾਂ ਤੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਆਦਿ ਵਿਚ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਬੱਚਿਆਂ ਦੀ ਪੜ੍ਹਾਈ, ਦਵਾਈਆਂ ਖਰੀਦਣ ਤੋਂ ਅਸਮਰਥ ਲੋਕਾਂ ਨੂੰ ਸਹਾਇਤਾ, ਅਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ ਸਿਖਲਾਈ, ਸਿਲਾਈ ਸਿਖਲਾਈ, ਬਿਊਟੀ ਪਾਰਲਰ ਸਿਖਲਾਈ ਸੈਂਟਰ) ਆਦਿ ਖੋਲ੍ਹੇ ਜਾ ਰਹੇ ਹਨ, ਜੋ ਗਰੀਬ ਪਰਿਵਾਰਾਂ ਲਈ ਡਾ. ਓਬਰਾਏ ਦਾ ਬਹੁਤ ਵੱਡਾ ਉਪਰਾਲਾ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾ. ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਸ ਮੌਕੇ ਮਹੰਤ ਸੰਤਾਂ ਸਿੰਘ ਪਟਿਆਲਾ ਵਾਲੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਲੈਕਚਰਾਰ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਚਰਨਜੀਤ ਸਿੰਘ, ਸੋਮਨਾਥ, ਗੁਰਜੀਤ ਸਿੰਘ ਇੰਚਾਰਜ ਪੈਨਸ਼ਨ ਵੰਡ ਸਮਾਰੋਹ, ਗੁਰਪਾਲ ਸਿੰਘ, ਸੁਖਬੀਰ ਸਿੰਘ, ਗੁਰਚਰਨ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।