31ਵੇਂ ਦਿਨ ’ਚ ਪੁੱਜਾ ‘ਕਿਸਾਨ ਅੰਦੋਲਨ’

89
Share

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਦੇ ਨਵੇਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਦਾ ਅੰਦੋਲਨ 31ਵੇਂ ਦਿਨ ਵੀ ਜਾਰੀ ਹੈ। ਕਿਸਾਨ ਜਥੇਬੰਦੀਆਂ ਵਲੋਂ ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ’ਤੇ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਸਰਹੱਦਾਂ ’ਤੇ ਸੁਰੱਖਿਆ ਵਿਵਸਥਾ ਨੂੰ ਸਖ਼ਤ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅੱਜ ਯਾਨੀ ਕਿ ਸ਼ਨੀਵਾਰ ਨੂੰ ਬੈਠਕ ਹੋਣ ਵਾਲੀ ਹੈ, ਜਿਸ ’ਚ ਸਰਕਾਰ ਵਲੋਂ ਆਏ ਗੱਲਬਾਤ ਦੇ ਪ੍ਰਸਤਾਵ ਅਤੇ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਰਾਜਧਾਨੀ ’ਚ ਆਉਣਾ ਸ਼ੁਰੂ ਹੋ ਗਿਆ ਹੈ। ਇਹ ਲੋਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਕਈ ਹੋਰ ਸੂਬਿਆਂ ਤੋਂ ਆ ਰਹੇ ਹਨ। ਓਧਰ ਸੰਯੁਕਤ ਕਿਸਾਨ ਮੋਰਚਾ ਸਰਕਾਰ ਦੀ ਨਵੀਂ ਪੇਸ਼ਕਸ਼ ’ਤੇ ਵਿਚਾਰ ਲਈ ਅੱਜ ਇਕ ਹੋਰ ਬੈਠਕ ਕਰੇਗਾ, ਜਿਸ ’ਚ ਗੱਲਬਾਤ ਨੂੰ ਮੁੜ ਤੋਂ ਸ਼ੁਰੂ ਕਰਨ ਲਈ ਕੇਂਦਰ ਦੇ ਸੱਦੇ ’ਤੇ ਕੋਈ ਰਸਮੀ ਫ਼ੈਸਲਾ ਕੀਤਾ ਜਾਵੇਗਾ। ਦੱਸ ਦੇਈਏ ਕਿ ਸਰਕਾਰ ਦੀ ਚਿੱਠੀ ਅਤੇ ਪ੍ਰਧਾਨ ਮੰਤਰੀ ਦੇ ਭਾਸ਼ਣ ’ਤੇ ਕੁੰਡਲੀ, ਸਿੰਘੂ ਸਰਹੱਦ ’ਤੇ ਅੱਜ 2 ਵਜੇ ਬੈਠਕ ਆਯੋਜਿਤ ਕੀਤੀ ਜਾਵੇਗੀ। ਕੁਝ ਕਿਸਾਨ ਜਥੇਬੰਦੀਆਂ ਨੇ ਸੰਕੇਤ ਦਿੱਤਾ ਹੈ ਕਿ ਉਹ ਸਰਕਾਰ ਨਾਲ ਇਕ ਵਾਰ ਫਿਰ ਤੋਂ ਗੱਲਬਾਤ ਸ਼ੁਰੂ ਕਰ ਸਕਦੇ ਹਨ, ਤਾਂ ਕਿ ਇਸ ਗਤੀਰੋਧ ਦਾ ਕੁਝ ਹੱਲ ਕੱਢਿਆ ਜਾ ਸਕੇ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਉਹ ਸ਼ਨੀਵਾਰ ਨੂੰ ਇਕ ਬੈਠਕ ਕਰਨਗੇ। ਇਸ ਬੈਠਕ ਵਿਚ ਕੇਂਦਰ ਵਲੋਂ ਗੱਲਬਾਤ ਦੀ ਪੇਸ਼ਕਸ਼ ਦਾ ਕੀ ਜਵਾਬ ਦਿੱਤਾ ਜਾਵੇ, ਉਸ ’ਤੇ ਫ਼ੈਸਲਾ ਲਿਆ ਜਾ ਸਕਦਾ ਹੈ।


Share