328 ਲਾਪਤਾ ਪਾਵਨ ਸਰੂਪਾਂ ਦਾ ਮਾਮਲਾ: ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਵੱਲੋਂ ਅਦਾਲਤ ‘ਚ ਪਟੀਸ਼ਨ ਦਾਖ਼ਲ

64
Share

ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਹਾਈ ਕੋਰਟ ‘ਚ ਦਿੱਤੀ ਚੁਣੌਤੀ: ਅਦਾਲਤ ਨੇ ਸ਼੍ਰੋਮਣੀ ਕਮੇਟੀ ਕੋਲੋਂ ਮੰਗਿਆ ਜਵਾਬ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਮੇਲ)- 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਵਿਚੋਂ 3 ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਕੇਸ ਦਾਇਰ ਕਰ ਕੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਇਹ ਕੇਸ ਪਬਲੀਕੇਸ਼ਨ ਵਿਭਾਗ ਦੇ ਮੀਤ ਸਕੱਤਰ ਗੁਰਬਚਨ ਸਿੰਘ, ਬਾਜ ਸਿੰਘ ਅਤੇ ਦਲਬੀਰ ਸਿੰਘ ਵੱਲੋਂ ਦਾਇਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਪੰਜ ਕਰਮਚਾਰੀਆਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ ਅਤੇ ਪੰਜ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਸੀ। ਫਾਰਗ ਕੀਤੇ ਗਏ ਕਰਮਚਾਰੀਆਂ ਵਿਚ ਕੇਸ ਦਾਇਰ ਕਰਨ ਵਾਲੇ ਕਰਮਚਾਰੀ ਵੀ ਸ਼ਾਮਲ ਹਨ।
ਇਸ ਸਬੰਧੀ ਗੁਰਬਚਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਆਦਿ ਨੂੰ ਮਿਲੇ ਅਤੇ ਲਾਏ ਦੋਸ਼ਾਂ ਨੂੰ ਰੱਦ ਕਰਦੇ ਦਸਤਾਵੇਜ਼ ਪੇਸ਼ ਕੀਤੇ ਪਰ ਭਰੋਸਾ ਦੇਣ ਮਗਰੋਂ ਵੀ ਉਨ੍ਹਾਂ ਦੇ ਹੱਕ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਮਜਬੂਰਨ ਉਨ੍ਹਾਂ ਨੂੰ ਨਿਆਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ ਹੈ। ਇਸ ਮਾਮਲੇ ਵਿਚ ਉਨ੍ਹਾਂ ਸ਼ੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਤੇ ਜਾਂਚ ਕਮੇਟੀ ਨੂੰ ਵੀ ਧਿਰ ਬਣਾਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਸਬੰਧੀ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਅਪੀਲ ਕੀਤੀ ਗਈ ਹੈ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਪੱਖ ਜ਼ਰੂਰ ਸੁਣਿਆ ਜਾਵੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਹੁਣ ਤੱਕ ਅਦਾਲਤ ਵੱਲੋਂ ਇਸ ਸਬੰਧੀ ਕੋਈ ਜਵਾਬ ਨਹੀਂ ਮੰਗਿਆ ਗਿਆ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਈ ਹੋਈ ਹੈ, ਜਿਸ ਵਿਚ ਲੋੜ ਮੁਤਾਬਕ ਹੋਰ ਵੀ ਮਾਹਿਰ ਸ਼ਾਮਲ ਕੀਤੇ ਜਾ ਸਕਦੇ ਹਨ।


Share