#PUNJAB

ਅਕਾਲੀ ਦਲ ਦੀ ਸਬ ਕਮੇਟੀ ਨੇ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ ਦੀ ਰਾਇ ਜਾਣੀ

ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਸਿਵਲ ਕੋਡ ਦੇ ਮਾਮਲੇ ‘ਤੇ ਮੁਸਲਿਮ ਤੇ ਈਸਾਈ ਭਾਈਚਾਰਿਆਂ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕੀਤਾ ਤੇ ਉਨ੍ਹਾਂ ਦੀ ਰਾਇ ਜਾਣੀ, ਜਿਸ ਦੌਰਾਨ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ ਨੇ ਮਹਿਸੂਸ ਕੀਤਾ ਕਿ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ 21ਵੇਂ ਕਾਨੂੰਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਅਕਾਲੀ ਦਲ ਨੇ ਇਸ ਮਾਮਲੇ ‘ਤੇ ਇਕ ਸਬ ਕਮੇਟੀ ਗਠਿਤ ਕੀਤੀ ਹੋਈ ਹੈ, ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਮੈਂਬਰ ਹਨ।
ਮੁਸਲਿਮ ਤੇ ਈਸਾਈ ਭਾਈਚਾਰਿਆਂ ਦੇ ਮੈਂਬਰਾਂ ਨੇ ਅਕਾਲੀ ਦਲ ਵੱਲੋਂ ਸਾਰੀਆਂ ਸਬੰਧਤ ਧਿਰਾਂ ਦੀ ਰਾਇ ਲੈਣ ਲਈ ਕੀਤੀ ਪਹਿਲਕਦਮੀ ਦਾ ਸਵਾਗਤ ਕੀਤਾ ਹੈ ਤੇ ਹੈਰਾਨੀ ਪ੍ਰਗਟ ਕੀਤੀ ਹੈ ਕਿ ਜਦੋਂ 21ਵੇਂ ਕਾਨੂੰਨ ਕਮਿਸ਼ਨ ਨੇ ਸਿਫਾਰਸ਼ ਕੀਤੀ ਹੈ ਕਿ ਸਾਂਝੇ ਸਿਵਲ ਕੋਡ ਦੀ ਨਾ ਕੋਈ ਲੋੜ ਹੈ ਤੇ ਨਾ ਹੀ ਇਸ ਦੀ ਕੋਈ ਇੱਛਾ ਹੈ, ਤਾਂ ਇਸ ਦੇ ਬਾਵਜੂਦ 22ਵੇਂ ਕਾਨੂੰਨ ਕਮਿਸ਼ਨ ਨੇ ਇਸ ‘ਤੇ ਨਵੇਂ ਸਿਰੇ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਮੀਟਿੰਗ ‘ਚ ਮੁਸਲਿਮ ਤੇ ਈਸਾਈ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।

Leave a comment