– ਗੁਰਚਰਨ ਸਿੰਘ ਚੰਨੀ ਵੀ ‘ਆਪ’ ‘ਚ ਹੋਏ ਸ਼ਾਮਲ
ਜਲੰਧਰ, 15 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਪਵਨ ਕੁਮਾਰ ਟੀਨੂੰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਕਰਵਾਇਆ। ਪਵਨ ਕੁਮਾਰ ਟੀਨੂੰ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀ ਚਰਚਾ ਕਾਫ਼ੀ ਸਮੇਂ ਤੋਂ ਹੋ ਰਹੀਆਂ ਸਨ ਅਤੇ ਵਿਧਾਇਕ ਵੀ ਕਿਸੇ ਹੋਰ ਪਾਰਟੀ ‘ਚ ਸ਼ਾਮਲ ਨਾ ਹੋਣ ਦਾ ਬਿਆਨ ਦਿੰਦੇ ਆ ਰਹੇ ਸਨ। ਜਦਕਿ ਹੁਣ ਪਵਨ ਕੁਮਾਰ ਟੀਨੂੰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਤਕੜੀ ਛੱਡ ਕੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਪਾਰਟੀ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀ.ਐੱਮ. ਹਾਊਸ ਪਹੁੰਚੇ, ਜਿੱਥੇ ਉਨ੍ਹਾਂ ਨਾਲ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਹਨ। ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਮ ਆਦਮੀ ਪਾਰਟੀ ਜਲੰਧਰ ਤੋਂ ਪਵਨ ਟੀਨੂੰ ਨੂੰ ਉਮੀਦਵਾਰ ਐਲਾਨ ਸਕਦੀ ਹੈ। ਜ਼ਿਕਰਯੋਗ ਹੈ ਕਿ ਪਵਨ ਟੀਨੂੰ ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ 2012-2017 ਵਿਚ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਪਵਨ ਟੀਨੂੰ 2014 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵੀ ਹਾਰ ਗਏ ਸਨ।
ਪਵਨ ਟੀਨੂੰ ਦੇ ਨਾਲ ਹੀ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਅਸਤੀਫ਼ਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਆਪਣੇ ਅਸਲ ਅਸੂਲਾਂ ਤੋਂ ਭਟਕ ਗਈ ਹੈ।