#PUNJAB

ਅਕਾਲੀ ਦਲ ਵੱਲੋਂ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਦਾ ਐਲਾਨ

117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਯਾਤਰਾ; ‘ਆਪ’ ਸਰਕਾਰ ਦੀਆਂ ਨੀਤੀਆਂ ਨੂੰ ਕੀਤਾ ਜਾਵੇਗਾ ਬੇਨਕਾਬ

ਚੰਡੀਗੜ੍ਹ, 4 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਲਏ ਗਏ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯਾਤਰਾ ਦਾ ਮਕਸਦ ‘ਆਪ’ ਸਰਕਾਰ ਵੱਲੋਂ ਹਰ ਮੁਹਾਜ਼ ‘ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰਨਾ ਹੈ। ਪਾਰਟੀ ਨੇ ਇਹ ਵੀ ਫ਼ੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ‘ਆਪੇ ਗੁਰ ਚੇਲਾ ਨਗਰ ਕੀਰਤਨ’ ਸਜਾਏਗੀ। ਅਕਾਲੀ ਦਲ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਉਦਯੋਗ ਤੇ ਵਪਾਰ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਹਰੇਕ ਵਰਗ ਨਾਲ ਕੀਤੇ ਗਏ ਧੋਖੇ ਨੂੰ ਬੇਨਕਾਬ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ। ਇਹ ਵੀ ਫ਼ੈਸਲਾ ਲਿਆ ਗਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ‘ਚ ਸੈਮੀਨਾਰ ਕਰਵਾਏ ਜਾਣਗੇ। ਸੈਮੀਨਾਰਾਂ ‘ਚ ਪੰਜਾਬ ਨੂੰ ਉਸ ਦੀ ਰਾਜਧਾਨੀ ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਮੇਤ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਸੈਮੀਨਾਰ ਕਰਵਾਉਣ ਲਈ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਗੁਰਚਰਨ ਸਿੰਘ ਗਰੇਵਾਲ ਦੀ ਸ਼ਮੂਲੀਅਤ ਵਾਲੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਿਨ੍ਹਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ, ਨੇ ਦੱਸਿਆ ਕਿ ਐੱਸ.ਜੀ.ਪੀ.ਸੀ. ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਕੋਰ ਕਮੇਟੀ ਨੇ ਸ਼ਲਾਘਾ ਕੀਤੀ ਹੈ ਅਤੇ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਐੱਸ.ਸੀ. ਤੇ ਬੀ.ਸੀ. ਵਿੰਗਾਂ ਤੋਂ ਇਲਾਵਾ ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਵੀ ਮਾਰਚ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ। ਇਸਤਰੀ ਅਕਾਲੀ ਦਲ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਅਕਾਲੀ ਦਲ ਉਸੇ ਥਾਂ ‘ਤੇ 14 ਜਨਵਰੀ ਨੂੰ ਕਾਨਫਰੰਸ ਕਰੇਗਾ।
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ, ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਮਾਮਲੇ ਦੀ ਘੋਖ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਹੀ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਿਰਾਂ ਨਾਲ ਰਾਏ-ਮਸ਼ਵਰਾ ਕੀਤਾ ਹੈ ਤੇ ਉਹ ਮਾਮਲੇ ਵਿਚ ਢੁੱਕਵੀਂ ਕਾਰਵਾਈ ਕਰਨਗੇ।