#PUNJAB

ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼

– ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਸਰਹੱਦੀ ਪਿੰਡ ਰੋੜਾਂਵਾਲਾ ਦਾ ਦੌਰਾ
– ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ/ਅਟਾਰੀ, 2 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਹੱਦੀ ਕਸਬਾ ਅਟਾਰੀ ਤੋਂ ਪਾਰਟੀ ਦੀ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਥਾਂ-ਥਾਂ ‘ਤੇ ਅਕਾਲੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸੁਖਬੀਰ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਪੰਜਾਬ ਬਚਾਓ ਯਾਤਰਾ’ ਦਾ ਮੁੱਖ ਉਦੇਸ਼ ਪੰਜਾਬ ਨੂੰ ਬਚਾਉਣਾ ਹੈ ਕਿਉਂਕਿ ਇਸ ਵੇਲੇ ਪੰਜਾਬ ਹਰੇਕ ਪੱਖ ਤੋਂ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਪੰਜਾਬ ਨੂੰ ਨਾ ਬਚਾਇਆ ਗਿਆ ਤਾਂ ਆਉਣ ਵਾਲਾ ਸਮਾਂ ਬਹੁਤ ਔਖਾ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚੋਣਾਂ ਦੌਰਾਨ ਕੀਤੇ ਆਪਣੇ ਹਰ ਵਾਅਦੇ ਤੋਂ ਭੱਜ ਗਈ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ, ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਵਰਕਰ ਹਾਜ਼ਰ ਸਨ।
ਰੈਲੀ ਸ਼ੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਰਹੱਦੀ ਪਿੰਡ ਰੋੜਾਂਵਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਖੇਤੀ ਲਈ ਮਿਲਦਾ 12 ਹਜ਼ਾਰ ਰੁਪਏ ਪ੍ਰਤੀ ਸਾਲ ਦਾ ਮੁਆਵਜ਼ਾ ਵੀ ਪਿਛਲੇ ਦੋ ਸਾਲਾਂ ਤੋਂ ਨਹੀਂ ਮਿਲਿਆ ਹੈ। ਸ਼੍ਰੀ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ 2 ਹਜ਼ਾਰ ਰੁਪਏ ਮੁਆਵਜ਼ਾ ਦੇਣਾ ਸ਼ੁਰੂ ਕਰਵਾਇਆ ਸੀ ਤੇ ਨਾਲ ਹੀ ਉਨ੍ਹਾਂ ਖੇਤੀ ਵਾਸਤੇ ਕਿਸਾਨਾਂ ਨੂੰ ਟਿਊਬਵੈੱਲਾਂ ਦੇ ਕੁਨੈਕਸ਼ਨ ਦਿੱਤੇ ਸਨ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕੰਡਿਆਲੀ ਤਾਰ ਪਾਰਲੀਆਂ ਜ਼ਮੀਨਾਂ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮੁਆਵਜ਼ਾ ਵਧਾ ਕੇ 35 ਹਜ਼ਾਰ ਰੁਪਏ ਦਿੱਤਾ ਜਾਵੇ। ਉਨ੍ਹਾਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਦੁਵੱਲੇ ਵਪਾਰ ਲਈ ਖੋਲ੍ਹਣ ਦੀ ਮੰਗ ਵੀ ਕੀਤੀ। ਯਾਤਰਾ ਵਿਚ ਟਰੈਕਟਰਾਂ, ਕਾਰਾਂ ਤੇ ਵੱਡੀ ਗਿਣਤੀ ਹੋਰ ਵਾਹਨਾਂ ‘ਤੇ ਸਵਾਰ ਪਾਰਟੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ, ਬਿਕਰਮ ਸਿੰਘ ਮਜੀਠੀਆ ਤੇ ਅਨਿਲ ਜੋਸ਼ੀ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਖੁੱਲ੍ਹੇ ਵਾਹਨ ‘ਤੇ ਸਵਾਰ ਸਨ। ਪਹਿਲੇ ਦਿਨ ਯਾਤਰਾ ਅਟਾਰੀ ਤੋਂ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪਿੰਡਾਂ ‘ਚੋਂ ਲੰਘੀ। ਸ਼੍ਰੀ ਬਾਦਲ ਨੇ ਕਿਹਾ ਕਿ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਬੋਲੇ ਜਾ ਰਹੇ ਝੂਠ ਨੂੰ ਪਾਰਟੀ ਵੱਲੋਂ ਅਗਲੇ ਇੱਕ ਮਹੀਨੇ ਦੌਰਾਨ ਬੇਨਿਕਾਬ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਟਾਰੀ ਤੋਂ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਸਮੂਹ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਵਿਖੇ ਮੱਥਾ ਟੇਕ ਕੇ ਯਾਤਰਾ ਦੀ ਸਫ਼ਲਤਾ ਲਈ ਅਰਦਾਸ ਕੀਤੀ। ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਕੀਤੀ ਗਈ ਅਰਦਾਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂ ਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਵੱਡੀ ਗਿਣਤੀ ਅਕਾਲੀ ਆਗੂ ਤੇ ਪਾਰਟੀ ਮੈਂਬਰ ਹਾਜ਼ਰ ਸਨ।