ਚੰਡੀਗੜ੍ਹ, 15 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਸਿਰਸਾ ਮੁਖੀ ਨਾਲ ਅੰਦਰੂਨੀ ਗੰਢ-ਤੁੱਪ ਕਰ ਲਈ ਹੈ। ਇਸੇ ਕਰਕੇ ਉਹ ਡੇਰਾ ਮੁਖੀ ਖ਼ਿਲਾਫ਼ ਧਾਰਾ 295ਏ ਤਹਿਤ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਨਹੀਂ ਦੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਤੇ ਵਿਕਾਸ ਕਾਰਜ ਠੱਪ ਹੋ ਰਹੇ ਹਨ। ਲੜਕੀਆਂ ਸੁਰੱਖਿਅਤ ਨਹੀਂ ਹਨ। ਸੂਬੇ ਵਿਚ ਨਸ਼ੇ ਵਧ ਰਹੇ ਹਨ ਪਰ ਮੁੱਖ ਮੰਤਰੀ ਇਨ੍ਹਾਂ ਬਾਰੇ ਗੱਲ ਹੀ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬੀ ਇਹ ਵੇਖ ਕੇ ਹੈਰਾਨ ਹਨ ਕਿ ਬੇਅਦਬੀ ਮਾਮਲਿਆਂ ਦੇ ਕਥਿਤ ਮੁਲਜ਼ਮ ਪ੍ਰਦੀਪ ਕਲੇਰ ਨੂੰ ਤਿੰਨ ਕੇਸਾਂ ਵਿਚ ਭਗੌੜਾ ਕਰਾਰ ਦਿੱਤਾ ਗਿਆ ਸੀ ਪਰ ਉਸ ਨੂੰ ਛੇ ਸਾਲਾਂ ਬਾਅਦ ਸਿਰਫ ਇਕ ਕੇਸ ‘ਚ ਹੀ ਗ੍ਰਿਫ਼ਤਾਰ ਕੀਤਾ ਗਿਆ। ਇਸ ਵਿਚ ਵੀ ਉਸ ਨੂੰ ਇਕ ਮਹੀਨੇ ‘ਚ ਜ਼ਮਾਨਤ ਮਿਲ ਗਈ।
ਉਨ੍ਹਾਂ ਕਿਹਾ ਕਿ ਪਹਿਲਾਂ ਬੇਅਦਬੀ ਕੇਸ ਪੰਜਾਬ ਤੋਂ ਬਾਹਰ ਤਬਦੀਲ ਕੀਤੇ ਗਏ ਤੇ ਫਿਰ ਉਨ੍ਹਾਂ ਦੀ ਸੁਣਵਾਈ ‘ਤੇ ਰੋਕ ਲੱਗ ਗਈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਹਰਿਆਣਾ ਵਿਚ ਭਾਜਪਾ ਸਰਕਾਰ ਵੱਲੋਂ ਵਾਰ-ਵਾਰ ਡੇਰਾ ਮੁਖੀ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਵਿਰੋਧ ਕਿਉਂ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ‘ਆਪ’ ਸਰਕਾਰ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦੇ ਰਹੀ।