-ਬਾਗੀ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੇਣਗੇ ਲਿਖਤੀ ਸ਼ਿਕਾਇਤ
ਚੰਡੀਗੜ੍ਹ, 29 ਜਨਵਰੀ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 2 ਦਸੰਬਰ, 2024 ਨੂੰ ਸੁਣਾਏ ਗਏ ਹੁਕਮ ਨੂੰ ਇਨਬਿੰਨ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਜੁੜੇ ਆਗੂਆਂ ਨੇ ਅਗ਼ਾਮੀ ਇਕ-ਦੋ ਦਿਨਾਂ ‘ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸੀਨੀਅਰ ਅਕਾਲੀ ਆਗੂਆਂ ਦੀ ਇਕ ਅਹਿਮ ਮੀਟਿੰਗ ਇੱਥੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਘਰ ਹੋਈ। ਮੀਟਿੰਗ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਜਸਟਿਸ ਨਿਰਮਲ ਸਿੰਘ, ਚਰਨਜੀਤ ਸਿੰਘ ਬਰਾੜ, ਗਗਨਜੀਤ ਸਿੰਘ ਬਰਨਾਲਾ ਸਮੇਤ ਕਈ ਹੋਰ ਆਗੂ ਹਾਜ਼ਰ ਸਨ। ਦੱਸਿਆ ਜਾਂਦਾ ਹੈ ਕਿ ਮੀਟਿੰਗ ਵਿਚ ਆਗੂਆਂ ਨੇ ਇਸ ਗੱਲ ‘ਤੇ ਚਿੰਤਾਂ ਪ੍ਰਗਟ ਕੀਤੀ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਅਨੁਸਾਰ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਮੈਂਬਰਸ਼ਿਪ ਸ਼ੁਰੂ ਕਰਨ ਦੀ ਬਜਾਏ ਖ਼ੁਦ ਭਰਤੀ ਕਰ ਰਹੀ ਹੈ, ਜਿਸ ਕਰਕੇ ਪੰਥਕ ਹਲਕਿਆਂ ਤੇ ਸਿੱਖ ਭਾਈਚਾਰੇ ਅੰਦਰ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਮੀਟਿੰਗ ‘ਚ ਫ਼ੈਸਲਾ ਕੀਤਾ ਕਿ ਇਹ ਮਾਮਲਾ ਲਿਖਤੀ ਰੂਪ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਧਿਆਨ ਵਿਚ ਲਿਆਂਦਾ ਜਾਵੇ ਕਿ ਅਕਾਲੀ ਦਲ ਦੀ ਲੀਡਰਸ਼ਿਪ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਮੰਨਣ ਨੂੰ ਤਿਆਰ ਨਹੀਂ ਹੈ।
ਦਿਲਚਸਪ ਗੱਲ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਿਛਲੇ ਦਿਨਾਂ ਦੌਰਾਨ ਵਾਰ-ਵਾਰ ਸਪੱਸ਼ਟ ਕਰ ਚੁੱਕੇ ਹਨ ਕਿ ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਸੁਣਾਇਆ ਹੁਕਮ ਹਰ ਹਾਲਤ ‘ਚ ਮੰਨਿਆ ਜਾਵੇ। ਜਥੇਦਾਰ ਸਾਹਿਬ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਭਰਤੀ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਭਾਵੇਂ ਅਕਾਲੀ ਦਲ ਨੇ 20 ਜਨਵਰੀ ਨੂੰ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਮੌਕੇ ਸੱਤ ਮੈਂਬਰੀ ਕਮੇਟੀ ਵਿਚੋਂ ਛੇ ਮੈਂਬਰਾਂ ਨੂੰ ਵੱਖ-ਵੱਖ ਰਾਜਾਂ, ਜ਼ਿਲ੍ਹਿਆਂ ਦਾ ਨਿਗਰਾਨ, ਇੰਚਾਰਜ ਲਗਾ ਦਿੱਤਾ ਹੈ ਪਰ ਇਨ੍ਹਾਂ ‘ਚੋਂ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ ਸਮੇਤ ਕਈਆਂ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਹੀ ਭਰਤੀ ਸ਼ੁਰੂ ਕਰਨ ਦੀ ਗੱਲ ਕਹੀ ਹੈ।
ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਮੀਟਿੰਗ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਤੀ ਰੂਪ ਵਿਚ ਬੇਨਤੀ ਕਰਨ ਦਾ ਫ਼ੈਸਲਾ ਕੀਤਾ ਹੈ ਕਿ ਦੋ ਦਸੰਬਰ ਨੂੰ ਸੁਣਾਏ ਗਏ ਫ਼ੈਸਲੇ ਨੂੰ ਇੰਨਬਿੰਨ ਲਾਗੂ ਕਰਵਾਇਆ ਜਾਵੇ। ਬਰਾੜ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵਲੋਂ ਕੋਈ ਨਵਾਂ ਅਕਾਲੀ ਦਲ ਨਹੀਂ ਬਣਾਇਆ ਜਾਵੇਗਾ। ਇਸ ਬਾਰੇ ਜਾਣਬੁੱਝ ਕੇ ਖ਼ਬਰਾਂ ਪਲਾਂਟ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਮੁੱਦਈ ਹਨ ਅਤੇ ਅਕਾਲੀ ਦਲ ਨੂੰ ਮਜ਼ਬੂਤ ਦੇਖਣਾ ਚਾਹੁੰਦੇ ਹਨ। ਪੰਥਕ ਹਲਕਿਆਂ ਅੰਦਰ ਚਰਚਾ ਹੈ ਕਿ ਜੇਕਰ ਫਿਰ ਲਿਖਤੀ ਰੂਪ ਵਿਚ ਸ਼ਿਕਾਇਤ ਅਕਾਲੀ ਆਗੂਆਂ ਖ਼ਿਲਾਫ਼ ਪੁੱਜ ਜਾਂਦੀ ਹੈ, ਤਾਂ ਅਕਾਲੀ ਲੀਡਰਸ਼ਿਪ ਲਈ ਨਵੀਂ ਸਮੱਸਿਆ ਮੁੜ ਖੜ੍ਹੀ ਹੋ ਸਕਦੀ ਹੈ।
ਅਕਾਲੀ ਲੀਡਰਸ਼ਿਪ ਲਈ ਖੜ੍ਹੀ ਹੋ ਸਕਦੀ ਹੈ ਨਵੀਂ ਸਮੱਸਿਆ!
