#PUNJAB

ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਮਾਮਲੇ ‘ਚ Murder ਦਾ ਕੇਸ ਦਰਜ ਕਰਾਉਣ ਦਾ ਹੁਕਮ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਮੇਲ)- ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲਿਸ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਹ ਰਿਪੋਰਟ ਭੇਜ ਕੇ ਇਸ ਦੀ ਕਾਨੂੰਨੀ ਪੱਖਾਂ ਤੋਂ ਘੋਖ ਕਰਦਿਆਂ ਢੁਕਵੀਂ ਕਾਰਵਾਈ ਕਰਨ ਅਤੇ ਕਾਤਲਾਂ ਵਿਰੁੱਧ ਕਤਲ ਦਾ ਮੁਕਦੱਮਾ ਦਰਜ ਕਰਵਾਉਣ ਲਈ ਆਦੇਸ਼ ਦਿੱਤੇ ਹਨ। ਬੀਤੇ ਦਿਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਐਡਵੋਕੇਟ ਸਰਬਜੀਤ ਸਿੰਘ ਵੱਲੋਂ ਇਸ ਮਾਮਲੇ ਦੀ ਰਿਪੋਰਟ ਅਕਾਲ ਤਖ਼ਤ ਵਿਖੇ ਸੌਂਪੀ ਗਈ ਸੀ। ਇਹ ਜਾਂਚ ਰਿਪੋਰਟ 1998 ਵਿਚ ਪੰਜਾਬ ਪੁਲਿਸ ਦੇ ਉਸ ਵੇਲੇ ਦੇ ਵਧੀਕ ਡਾਇਰੈਕਟਰ ਜਨਰਲ ਬੀ.ਪੀ. ਤਿਵਾੜੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ ਅਤੇ ਸਰਕਾਰ ਨੂੰ ਸੌਂਪੀ ਗਈ ਸੀ ਪਰ ਇਹ ਰਿਪੋਰਟ 25 ਸਾਲ ਸਰਕਾਰ ਕੋਲ ਫਾਈਲਾਂ ਵਿਚ ਦਫਨ ਰਹੀ। ਇਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਹੁਣ ਇਹ ਰਿਪੋਰਟ ਜਨਤਕ ਹੋਈ ਹੈ ਅਤੇ ਦਸੰਬਰ 1992 ਅਤੇ 93 ਵਿਚ ਪੁਲਿਸ ਵੱਲੋਂ ਕੀਤੀ ਕਾਰਵਾਈ ਦਾ ਖੁਲਾਸਾ ਹੋਇਆ। ਰਿਪੋਰਟ ਮੁਤਾਬਕ ਦਸੰਬਰ 1992 ਵਿਚ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਉਨ੍ਹਾਂ ਦੇ ਪਿੰਡ ਤੋਂ ਪੁਲਿਸ ਥਾਣੇ ਲੈ ਕੇ ਗਈ ਸੀ ਪਰ ਉਸ ਤੋਂ ਬਾਅਦ ਉਨ੍ਹਾਂ ਦਾ ਕੋਈ ਅਤਾ-ਪਤਾ ਨਹੀਂ ਹੈ। ਪੁਲਿਸ ਰਿਪੋਰਟ ਵਿੱਚ ਅੱਜ ਵੀ ਭਾਈ ਕਾਉਂਕੇ ਫ਼ਰਾਰ ਹਨ। ਮਨੁੱਖੀ ਅਧਿਕਾਰ ਕਾਰਕੁਨ ਵੱਲੋਂ ਇਹ ਰਿਪੋਰਟ ਅਕਾਲ ਤਖਤ ਵਿਖੇ ਸੌਂਪਣ ਮਗਰੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਇਸ ਮਾਮਲੇ ਵਿਚ ਢੁੱਕਵੀਂ ਕਾਰਵਾਈ ਕਰਨ। ਮਨੁੱਖੀ ਅਧਿਕਾਰ ਕਾਰਕੁਨ ਨੇ ਇਸ ਨਾਲ ਜੋੜੀ ਆਪਣੀ ਰਿਪੋਰਟ ਵਿਚ ਸਪਸ਼ਟ ਕੀਤਾ ਸੀ ਕਿ ਭਾਈ ਕਾਉਂਕੇ ਨੂੰ ਪੁਲਿਸ ਤਸ਼ੱਦਦ ਦੌਰਾਨ ਕਤਲ ਕਰ ਦਿੱਤਾ ਗਿਆ ਸੀ ਅਤੇ ਲਾਸ਼ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਇਹ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਭੇਜੀ ਗਈ ਹੈ ਤੇ ਮਾਮਲੇ ਵਿਚ ਪੱਤਰ ਭੇਜ ਕੇ ਇਸ ਮਾਮਲੇ ਦੀ ਘੋਖ ਕਰਨ ਅਤੇ ਢੁੱਕਵੀਂ ਕਾਰਵਾਈ ਕਰਨ ਤੋਂ ਇਲਾਵਾ ਕਾਤਲਾਂ ਖਿਲਾਫ ਕੇਸ ਦਰਜ ਕਰਵਾਉਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ 90ਵੇਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਉਸ ਵੇਲੇ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਗਈ ਨਸਲਕੁਸ਼ੀ ਦੀ ਬੇਹੱਦ ਘਿਨਾਉਣੀ ਮਿਸਾਲ ਹੈ, ਜੋ ਦੁਨੀਆਂ ਦੇ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਭਾਈ ਕਾਉਂਕੇ ਦੇ ਕਾਤਲਾਂ ਨੂੰ ਬੇਪਰਦਾ ਕਰਕੇ ਮਿਸਾਲੀ ਸਜ਼ਾਵਾਂ ਮਿਲਣੀਆਂ ਜ਼ਰੂਰੀ ਹਨ।