#AMERICA

ਅਟਾਰਨੀ ਜਸਪ੍ਰੀਤ ਸਿੰਘ ਵੱਲੋਂ ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ

-ਸਿੱਖ ਮਸਲਿਆਂ ਸਮੇਤ ਕਈ ਹੋਰ ਅਹਿਮ ਮੁੱਦਿਆਂ ‘ਤੇ ਕੀਤੀ ਗੱਲਬਾਤ
ਨਿਊਯਾਰਕ, 3 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਪ੍ਰਸਿੱਧ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਯੂ.ਐੱਸ.ਏ. ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਉਨ੍ਹਾਂ ਵੱਲੋ ਦਿੱਤੇ ਗਏ ਸਮੇਂ ਮੁਤਾਬਕ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਲਾਸ ਏਂਜਲਸ ਵਿਖੇ ਮੁਲਾਕਾਤ ਕੀਤੀ। ਕਮਲਾ ਹੈਰਿਸ ਨਾਲ ਉਨ੍ਹਾਂ ਦੀ ਇਹ ਮੀਟਿੰਗ ਲਗਭਗ ਇੱਕ ਘੰਟੇ ਦੇ ਕਰੀਬ ਤੱਕ ਚੱਲੀ।
ਇਹ ਮੀਟਿੰਗ ਇੱਕ ਸਮਾਗਮ ਦੌਰਾਨ ਹੋਈ, ਜਿੱਥੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਨੇ ਸਿੱਖਾਂ ਸੰਬੰਧੀ ਅਤੇ ਕਈ ਹੋਰ ਅਹਿਮ ਮੁੱਦਿਆਂ ਨੂੰ ਕਮਲਾ ਹੈਰਿਸ ਦੇ ਸਾਹਮਣੇ ਰੱਖਿਆ। ਇਨ੍ਹਾਂ ਮੁੱਦਿਆਂ ਵਿਚੋਂ ਪਹਿਲਾ ਅਤੇ ਅਹਿਮ ਮੁੱਦਾ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਬਾਰੇ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਉੱਪਰ ਐੱਨ.ਐੱਸ.ਏ. ਬਿਲਕੁਲ ਗਲਤ ਅਤੇ ਗੈਰ-ਕਾਨੂੰਨੀ ਹੈ। ਇਹ ਕਾਨੂੰਨ ਲਗਾਉਣਾ ਗਲਤ ਹੈ। ਕਿਉਂਕਿ ਇਹ ਅੰਗਰੇਜ਼ਾਂ ਦੁਆਰਾ ਬਣਾਏ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ ‘ਤੇ ਲਗਾਇਆ ਗਿਆ ਹੈ।
ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਜੇਲ੍ਹਾਂ ਵਿਚ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਕਮਲਾ ਹੈਰਿਸ ਦੇ ਨਾਲ ਚੁੱਕਿਆ। ਉਨ੍ਹਾਂ ਦੱਸਿਆ ਕਿ ਇਹ ਸਿੰਘ ਸਜ਼ਾ ਪੂਰੀਆਂ ਹੋਣ ਦੇ ਬਾਵਜੂਦ ਵੀ ਭਾਰਤ ਦੀਆਂ ਜੇਲ੍ਹਾਂ ਦੇ ਵਿਚ ਕੈਦ ਹਨ ਅਤੇ ਜਲਦ ਹੀ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਮੀਗ੍ਰੇਸ਼ਨ ਦੇ ਨਾਲ ਸੰਬੰਧਿਤ ਹੋਰ ਮਸਲਿਆਂ ਬਾਰੇ ਵੀ ਗੱਲਬਾਤ ਕੀਤੀ।