ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿਚ ਗਿਰਾਵਟ ਦੇ ਨਾਲ-ਨਾਲ ਸ਼ੇਅਰ ਬਾਜ਼ਾਰਾਂ ਦੇ ਵੱਖ-ਵੱਖ ਰੈਗੂਲੇਟਰੀ ਪਹਿਲੂਆਂ ਦੀ ਘੋਖ ਕਰਨ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਏ.ਐੱਮ. ਸਪਰੇ ਦੀ ਅਗਵਾਈ ਵਿਚ ਕਮੇਟੀ ਕਾਇਮ ਕਰਨ ਦਾ ਹੁਕਮ ਦਿੱਤਾ ਹੈ। ਕਮੇਟੀ ਨੂੰ ਦੋ ਮਹੀਨਿਆਂ ਵਿਚ ਆਪਣੀ ਰਿਪੋਰਟ ਸੌਂਪਣੀ ਹੋਵੇਗੀ। ਸੁਪਰੀਮ ਕੋਰਟ ਨੇ ਇਹ ਵੱਡਾ ਕਦਮ ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਸ਼ੇਅਰਾਂ ‘ਚ ਹਾਲ ਹੀ ‘ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਚੁੱਕਿਆ ਹੈ। ਚੀਫ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਪੀ.ਐੱਸ. ਨਰਸਿਮਹਾ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੇ ਬੈਂਚ ਨੇ ਕਿਹਾ ਕਿ ਕਮੇਟੀ ਮਾਮਲੇ ਦੀ ਸਮੁੱਚੀ ਸਥਿਤੀ ਦਾ ਮੁਲਾਂਕਣ ਕਰੇਗੀ ਅਤੇ ਨਿਵੇਸ਼ਕਾਂ ਨੂੰ ਹਰ ਚੀਜ਼ ਤੋਂ ਜਾਣੂ ਕਰਵਾਉਣ ਲਈ ਉਪਾਅ ਕਰੇਗੀ ਅਤੇ ਸਟਾਕ ਐਕਸਚੇਂਜ ਦੀ ਮੌਜੂਦਾ ਰੈਗੂਲੇਟਰੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਹੱਲ ਸੁਝਾਏਗੀ।
ਅਡਾਨੀ-ਹਿੰਡਨਬਰਗ: ਸੁਪਰੀਮ ਕੋਰਟ ਵੱਲੋਂ ਸ਼ੇਅਰ ਡਿੱਗਣ ਮਾਮਲੇ ਦੀ ਜਾਂਚ ਲਈ ਕਮੇਟੀ ਕਾਇਮ
