#PUNJAB

ਅਦਾਲਤ ਵੱਲੋਂ ਭਗੌੜਾ ‘ਆਪ’ ਵਿਧਾਇਕ ਪਠਾਣਮਾਜਰਾ ਗ੍ਰਿਫ਼ਤਾਰ

-2 ਦਿਨਾਂ ‘ਚ ਦੂਜਾ ਵਿਧਾਇਕ ਚੜ੍ਹਿਆ ਪੁਲਿਸ ਅੜਿੱਕੇ
ਪਟਿਆਲਾ, 25 ਮਾਰਚ (ਪੰਜਾਬ ਮੇਲ)- ਲਗਭਗ 6 ਮਹੀਨੇ ਤੋਂ ਫਰਾਰ ਚੱਲ ਰਹੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਖਰਕਾਰ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਏ ਹਨ। ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਪਟਿਆਲਾ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਵੱਲੋਂ ਕੀਤੀ ਗਈ ਹੈ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਪਠਾਣਮਾਜਰਾ ‘ਤੇ ਜਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਵਰਗੇ ਗੰਭੀਰ ਇਲਜ਼ਾਮ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 2 ਸਤੰਬਰ ਤੋਂ ਫਰਾਰ ਚੱਲ ਰਹੇ ਇਸ ਵਿਧਾਇਕ ਖਿਲਾਫ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਖੇ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਸਰੀਰਕ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਸਰਗਰਮੀ ਨਾਲ ਉਨ੍ਹਾਂ ਦੀ ਭਾਲ ਕਰ ਰਹੀ ਸੀ।
ਦੱਸਣਯੋਗ ਹੈ ਕਿ ਕੇਸ ਦਰਜ ਹੋਣ ਤੋਂ ਅਗਲੇ ਹੀ ਦਿਨ ਪੁਲਿਸ ਨੇ ਹਰਿਆਣਾ ਦੇ ਇੱਕ ਪਿੰਡ ਵਿਚ ਛਾਪੇਮਾਰੀ ਕੀਤੀ ਸੀ, ਜਿੱਥੇ ਵਿਧਾਇਕ ਦੇ ਲੁਕੇ ਹੋਣ ਦੀ ਸੂਚਨਾ ਸੀ। ਪਰ ਉਸ ਸਮੇਂ ਪਠਾਣਮਾਜਰਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਕਈ ਟੀਮਾਂ ਲਗਾਤਾਰ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ ‘ਤੇ ਦਸਤਕ ਦੇ ਰਹੀਆਂ ਸਨ।
ਫਰਾਰੀ ਦੌਰਾਨ ਪਠਾਣਮਾਜਰਾ ਵੱਲੋਂ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਉਹ ਸੋਸ਼ਲ ਮੀਡੀਆ ‘ਤੇ ਲਗਾਤਾਰ ਵੀਡੀਓਜ਼ ਪੋਸਟ ਕਰਕੇ ਇਹ ਪ੍ਰਭਾਵ ਦੇ ਰਹੇ ਸਨ ਕਿ ਉਹ ਵਿਦੇਸ਼ ਵਿਚ ਬੈਠੇ ਹਨ। ਹਾਲਾਂਕਿ, ਪੁਲਿਸ ਦੀ ਤਕਨੀਕੀ ਜਾਂਚ ਅਤੇ ਗੁਪਤ ਸੂਚਨਾਵਾਂ ਨੇ ਉਨ੍ਹਾਂ ਦੀ ਲੋਕੇਸ਼ਨ ਮੱਧ ਪ੍ਰਦੇਸ਼ ਵਿਚ ਟਰੇਸ ਕਰ ਲਈ।
ਐੱਸ.ਐੱਸ.ਪੀ. ਵਰੁਣ ਸ਼ਰਮਾ ਅਨੁਸਾਰ ਪਟਿਆਲਾ ਪੁਲਿਸ ਦੀ ਵਿਸ਼ੇਸ਼ ਟੀਮ ਨੇ ਪਿੱਛਾ ਕਰਦੇ ਹੋਏ ਗਵਾਲੀਅਰ ਦੇ ਇਲਾਕੇ ਤੋਂ ਵਿਧਾਇਕ ਨੂੰ ਕਾਬੂ ਕੀਤਾ ਹੈ ਅਤੇ ਹੁਣ ਉਸ ਨੂੰ ਪਟਿਆਲਾ ਲਿਆਂਦਾ ਜਾ ਰਿਹਾ ਹੈ। ਜਿੱਥੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।
ਇਹ ਗ੍ਰਿਫ਼ਤਾਰੀ ਪੰਜਾਬ ਪੁਲਿਸ ਲਈ ਇੱਕ ਵੱਡੀ ਸਫਲਤਾ ਮੰਨੀ ਜਾ ਰਹੀ ਹੈ, ਕਿਉਂਕਿ ਪਿਛਲੇ 48 ਘੰਟਿਆਂ ਅੰਦਰ ਜੇਲ੍ਹ ਜਾਣ ਵਾਲੇ ਇਹ ਦੂਜੇ ਵਿਧਾਇਕ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸਾਬਕਾ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਲਗਾਤਾਰ ਹੋ ਰਹੀਆਂ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੰਜਾਬ ਦੀ ਸਿਆਸਤ ਵਿਚ ਮੁੜ ਹਲਚਲ ਤੇਜ਼ ਹੋ ਗਈ ਹੈ।