ਫਾਜ਼ਿਲਕਾ, 10 ਅਕਤੂਬਰ (ਪੰਜਾਬ ਮੇਲ)- ਡਰੱਗ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਅੱਜ ਮੁੜ ਜਲਾਲਾਬਾਦ ਦੀ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਖਹਿਰਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਨਾਭਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੁਲਿਸ ਖਹਿਰਾ ਨੂੰ ਲੈ ਕੇ ਆਈ। ਪੁਲਿਸ ਵੱਲੋਂ ਰਿਵੀਜ਼ਨ ਪਟੀਸ਼ਨ ਪਾਈ ਗਈ ਸੀ ਅਤੇ ਰਿਮਾਂਡ ਮੰਗਿਆ ਗਿਆ ਸੀ, ਜਿਸ ਤੋਂ ਬਾਅਦ ਖਹਿਰਾ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜਿਆ ਹੈ। ਇਸ ਤੋਂ ਪਹਿਲਾਂ ਖਹਿਰਾ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਸਨ।
ਇਸ ਦੇ ਨਾਲ ਹੀ ਐੱਸ.ਆਈ.ਟੀ. ਨੂੰ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਸਬੂਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਸ.ਆਈ.ਟੀ. ਨੂੰ ਸਬੂਤ ਮਿਲੇ ਹਨ, ਜੋ ਸੁਖਪਾਲ ਸਿੰਘ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਵਿਚਕਾਰ ਸੰਬੰਧਾਂ ਦਾ ਪਰਦਾਫਾਸ਼ ਕਰਦੇ ਹਨ। ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈ.ਜੀ. ਅਤੇ ਫਿਰੋਜ਼ਪੁਰ ਦੇ ਡੀ.ਆਈ.ਜੀ. ਨੂੰ ਫੋਨ ਕੀਤੇ ਸਨ। ਇਹੀ ਕਾਰਨ ਹੈ ਕਿ ਪੁਲਿਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਿਸ ਨੇ ਪਿਛਲੀ ਪੇਸ਼ੀ ‘ਚ ਇਸ ਦੇ ਆਧਾਰ ‘ਤੇ ਰਿਮਾਂਡ ਵੀ ਹਾਸਲ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ ‘ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਿਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਿਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਿਸ ਵੱਲੋਂ ਕੀਤੀ ਗਈ। ਪੁਲਿਸ ਅਨੁਸਾਰ ਇਹ ਕਾਰਵਾਈ ਖਹਿਰਾ ਖ਼ਿਲਾਫ 2015 ਦੇ ਐੱਨ.ਡੀ.ਪੀ.ਐੱਸ. ਮਾਮਲੇ ‘ਚ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖ਼ਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਹੁਣ ਉਸ ਨੂੰ ਡੀ.ਆਈ.ਜੀ. ਦੀ ਅਗਵਾਈ ਵਾਲੀ ਐੱਸ.ਆਈ.ਟੀ. ਦੀ ਰਿਪੋਰਟ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ.ਆਈ.ਟੀ. ਵਿਚ ਦੋ ਐੱਸ.ਐੱਸ.ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।