23.3 C
Sacramento
Sunday, May 28, 2023
spot_img

ਅਮਨ-ਕਾਨੂੰਨ ‘ਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫ਼ਤਾਰ ਕੀਤੇ 353 ਵਿਅਕਤੀਆਂ ‘ਚੋਂ 197 ਰਿਹਾਅ

– ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸਕਾਰਾਤਮਕ ਪਹੁੰਚ ਅਪਣਾਉਣ ਦੇ ਨਿਰਦੇਸ਼
– ਕਿਸੇ ਵੀ ਬੇਕਸੂਰ ਨੂੰ ਤੰਗ-ਪਰੇਸ਼ਾਨ ਜਾਂ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ, 27 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਵੱਲੋਂ 18 ਮਾਰਚ, 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪੰਜਾਬ ਪੁਲਿਸ ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੇ ਖ਼ਦਸ਼ੇ ਤਹਿਤ ਜਾਂ ਗੰਭੀਰ ਅਪਰਾਧਿਕ ਗਤੀਵਿਧੀਆਂ ‘ਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਦੌਰਾਨ ਸਕਾਰਾਤਮਕ ਪਹੁੰਚ ਅਪਣਾਈ ਜਾਵੇ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਦੇ ਸਾਰੇ ਐੱਸ.ਐੱਸ.ਪੀਜ਼ ਅਤੇ ਸੀ.ਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਫ਼ਤੀਸ਼ ਕਰ ਰਹੇ ਅਫ਼ਸਰ ਅਤੇ ਉਨ੍ਹਾਂ ਦੇ ਨਿਗਰਾਨ ਅਫ਼ਸਰ ਪਹਿਲਾਂ ਉਪਲਬਧ ਸਬੂਤਾਂ ਦੀ ਜਾਂਚ ਕਰਨ ਅਤੇ ਠੋਸ ਅਪਰਾਧਾਂ ਵਿਚ ਜਾਂ ਹੋਰ ਕਿਸ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਪੱਧਰ ‘ਤੇ ਢੁੱਕਵੀਂ ਜਾਂਚ ਕਰ ਲੈਣ।
ਡੀ.ਜੀ.ਪੀ. ਨੇ ਅੱਗੇ ਕਿਹਾ ਕਿ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ ਤੋਂ ਇਲਾਵਾ 40 ਵਿਅਕਤੀਆਂ ਨੂੰ ਠੋਸ ਅਪਰਾਧਿਕ ਗਤੀਵਿਧੀਆਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ 7 ਵਿਅਕਤੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਅਧਿਕਾਰੀ ਉਪਲਬਧ ਸਬੂਤਾਂ ਦੀ ਜਾਂਚ ਕਰਕੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਠੋਸ ਅਪਰਾਧਿਕ ਗਤੀਵਿਧੀਆਂ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦੀ ਸਮੀਖਿਆ ਕਰਨਗੇ।
ਡੀ.ਜੀ.ਪੀ. ਗੌਰਵ ਯਾਦਵ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਵੱਲ ਕੋਈ ਧਿਆਨ ਨਾ ਦੇਣ। ਡੀ.ਜੀ.ਪੀ. ਨੇ ਜ਼ੋਰ ਦੇ ਕੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Stay Connected

0FansLike
3,785FollowersFollow
20,800SubscribersSubscribe
- Advertisement -spot_img

Latest Articles