#AMERICA

ਅਮਰੀਕਨ ਸਿੱਖ ਕਾਕਸ ਵੱਲੋਂ ਪੰਜਾਬ ਦੇ ਹਾਲਾਤਾਂ ਸੰਬੰਧੀ ਅਮਰੀਕੀ ਅਧਿਕਾਰੀ ਨੂੰ ਲਿਖਿਆ ਪੱਤਰ

-ਭਾਰਤ ‘ਚ ਸਿੱਖ ਭਾਈਚਾਰੇ ਵਿਰੁੱਧ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵੱਲ ਦਿਵਾਇਆ ਧਿਆਨ
ਸੈਕਰਾਮੈਂਟੋ, 22 ਮਾਰਚ (ਪੰਜਾਬ ਮੇਲ)- ਅਮਰੀਕਨ ਸਿੱਖ ਕਾਕਸ ਕਮੇਟੀ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਕਾਕਸ ਦੇ ਚੇਅਰਮੈਨ ਡਾ. ਪ੍ਰਿਤਪਾਲ ਸਿੰਘ ਨੇ ਇਹ ਮਾਮਲਾ ਵਿਦੇਸ਼ ਵਿਭਾਗ ਕੋਲ ਉਠਾਉਣ ਲਈ ਸਿੱਖ ਕਾਕਸ ਦੇ ਵੱਖ-ਵੱਖ ਆਗੂਆਂ ਨੂੰ ਚਿੱਠੀਆਂ ਲਿਖ ਕੇ ਇਸ ਵੱਲ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਡਾ. ਪ੍ਰਿਤਪਾਲ ਸਿੰਘ ਨੇ ਕਾਂਗਰਸਮੈਨ ਜੌਹਨ ਗੈਰਾਮੈਂਡੀ, ਕਾਂਗਰਸਮੈਨ ਡੇਵਿਡ ਵਾਲਾਡਾਓ, ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਦੇ ਯੂ.ਐੱਸ. ਅੰਬੈਸਡਰ ਰਸ਼ਦ ਹੁਸੈਨ ਨੂੰ ਇਹ ਪੱਤਰ ਲਿਖੇ ਹਨ, ਜਿਸ ਵਿਚ ਉਨ੍ਹਾਂ ਭਾਰਤ ਵਿਚ ਸਿੱਖ ਭਾਈਚਾਰੇ ਵਿਰੁੱਧ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵੱਲ ਧਿਆਨ ਦਿਵਾਇਆ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਭਾਰਤ ਸਰਕਾਰ ਨੇ ਪੰਜਾਬ ਵਿਚ ਨੌਜਵਾਨ ਆਗੂ ਅਤੇ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਨਘੜਤ ਦੋਸ਼ਾਂ ਤਹਿਤ ਗ੍ਰਿਫਤਾਰ ਕਰਨ ਲਈ ਸੁਰੱਖਿਆ ਕਾਰਵਾਈ ਸ਼ੁਰੂ ਕੀਤੀ ਹੋਈ ਹੈ।
ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਲੈ ਕੇ ਕਿਸੇ ਅਣਦੱਸੀ ਥਾਂ ‘ਤੇ ਭੇਜ ਦਿੱਤਾ ਗਿਆ ਹੈ। ਪਰ ਬਾਅਦ ਵਿਚ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਉਹ ਭਗੌੜਾ ਹੋ ਗਿਆ ਸੀ ਅਤੇ ਜਿਸ ਦੇ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਉਸ ਨੂੰ ਗੈਰ-ਨਿਆਇਕ ਤੌਰ ‘ਤੇ ਹਿਰਾਸਤ ‘ਚ ਰੱਖ ਕੇ ਹੱਤਿਆ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਧਾਰਾ 144 ਲਾ ਕੇ ਲੋਕਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਤੋਂ ਰੋਕਿਆ ਜਾ ਰਿਹਾ ਹੈ। ਡਾ. ਪ੍ਰਿਤਪਾਲ ਸਿੰਘ ਨੇ ਅਮਰੀਕੀ ਆਗੂਆਂ ਨੂੰ ਇਸ ਸੰਬੰਧੀ ਤੁਰੰਤ ਕਾਰਵਾਈ ਕਰਨ ਬੇਨਤੀ ਕੀਤੀ ਹੈ।

Leave a comment