ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤਰਨਜੀਤ ਸਿੰਘ ਸੰਧੂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 25 ਅਗਸਤ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਨੇ ਸਨਮਾਨਿਤ ਕੀਤਾ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ। ਇਸ ਮੌਕੇ ਸ. ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ, ਜਿਥੋਂ ਮਨੁੱਖ ਨੂੰ ਰੂਹਾਨੀ ਸ਼ਕਤੀ ਮਿਲਦੀ ਹੈ। ਉਹ ਵੀ ਹਰ ਸਾਲ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਗਹਿਰਾ ਰਿਸ਼ਤਾ ਹੈ। ਉਨ੍ਹਾਂ ਦੇ ਵਡੇਰੇ ਸ. ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ ਸਿੱਖ ਕੌਮ ਦੇ ਉੱਚ ਦੁਮਾਲੜੇ ਆਗੂ ਸਨ। ਸ. ਤਰਨਜੀਤ ਸਿੰਘ ਸੰਧੂ ਨੇ ਹੋਰ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮਾਂ ਤਕਨਾਲੋਜੀ ਦਾ ਯੁੱਗ ਹੈ ਅਤੇ ਸਿੱਖ ਕੌਮ ਨੂੰ ਵੀ ਆਪਣੀਆਂ ਵਿਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਵਿਚ ਮਾਹਿਰ ਬਣਾਉਣ ਲਈ ਵਧੇਰੇ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਵੱਡਾ ਫ਼ਖ਼ਰ ਹੈ ਕਿ ਸਿੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸ. ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਨੁਮਾਇੰਦਗੀ ਕਰ ਰਹੇ ਹਨ।
ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ