ਨਵੀਂ ਦਿੱਲੀ/ਵਾਸ਼ਿੰਗਟਨ, 22 ਮਾਰਚ (ਪੰਜਾਬ ਮੇਲ)- ਅਮਰੀਕੀ ਪ੍ਰਸ਼ਾਸਨ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪਰੋਟ ਕਰਨ ਸਬੰਧੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕਾ ਤੋਂ ਜਲਦ ਹੀ 295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਆਪਣੇ ਦੇਸ਼ ਪਰਤ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਆਉਣ ਦੇ ਵੇਰਵੇ, ਉਡਾਣ ਦੀ ਤਾਰੀਖ਼ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੇ ਸੰਸਦ ਵਿਚ ਇਹ ਜਾਣਕਾਰੀ ਦਿੱਤੀ। ਵਿਦੇਸ਼ ਮਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਉਨ੍ਹਾਂ 295 ਲੋਕਾਂ ਦੀ ਨਾਗਰਿਕਤਾ ਦੀ ਜਾਂਚ ਕਰ ਰਹੀ ਹੈ, ਜੋਕਿ ਅਮਰੀਕੀ ਫੌਜ ਦੀ ਹਿਰਾਸਤ ਵਿਚ ਹਨ। ਅਮਰੀਕੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਵਿਦੇਸ਼ ਮੰਤਰੀ ਨੇ ਇੱਕ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਕੀਤੀ ਜਾਵੇਗੀ, ਸਿਰਫ ਉਨ੍ਹਾਂ ਨੂੰ ਹੀ ਡਿਪੋਰਟ ਲਈ ਸਵੀਕਾਰ ਕੀਤਾ ਜਾਵੇਗਾ।
ਸ਼ੁੱਕਰਵਾਰ ਨੂੰ ਰਾਜ ਸਭਾ ਵਿਚ ਸੀ.ਪੀ.ਐੱਮ. ਦੇ ਸੰਸਦ ਮੈਂਬਰ ਜੌਨ ਬ੍ਰਿਟਾਸ ਨੇ ਸਰਕਾਰ ਤੋਂ ਪੁੱਛਿਆ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹੱਥਕੜੀ ਲਗਾ ਕੇ ਭਾਰਤ ਭੇਜੇ ਜਾਣ ਦੇ ਖ਼ਿਲਾਫ਼ ਕੀ ਕਦਮ ਚੁੱਕੇ ਗਏ ਹਨ। ਇਸ ਦੇ ਜਵਾਬ ਵਿਚ ਕੇਂਦਰ ਸਰਕਾਰ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਦੇ ਅਜਿਹੇ ਵਤੀਰੇ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਨੇ ਭਰੋਸਾ ਦਿੱਤਾ ਹੈ ਕਿ 15 ਅਤੇ 16 ਫਰਵਰੀ ਨੂੰ ਆਉਣ ਵਾਲੀਆਂ ਉਡਾਣਾਂ ਵਿਚ ਔਰਤਾਂ ਅਤੇ ਬੱਚਿਆਂ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ ਅਤੇ ਅਧਿਕਾਰੀਆਂ ਨੇ ਖੁਦ ਭਾਰਤ ਪਹੁੰਚਣ ‘ਤੇ ਪ੍ਰਵਾਸੀਆਂ ਨਾਲ ਗੱਲ ਕਰਨ ਤੋਂ ਬਾਅਦ ਇਸ ਦੀ ਪੁਸ਼ਟੀ ਕੀਤੀ ਹੈ।
ਸਰਕਾਰ ਨੇ ਇਹ ਵੀ ਦੱਸਿਆ ਕਿ ਯੂ.ਐੱਸ. ਡਿਪਾਰਟਮੈਂਟ ਆਫ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਹਾਲ ਹੀ ਵਿਚ ਭਾਰਤ ਨੂੰ ਸੂਚਿਤ ਕੀਤਾ ਸੀ ਕਿ 295 ਹੋਰ ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜਲਦੀ ਹੀ ਡਿਪੋਰਟ ਕੀਤਾ ਜਾਵੇਗਾ। ਇਹ ਸਾਰੇ ਅਮਰੀਕੀ ਅਧਿਕਾਰੀਆਂ ਦੀ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਚੱਲ ਰਹੀ ਹੈ। ਐੱਮ.ਪੀ. ਜੌਹਨ ਬ੍ਰਿਟਸ ਨੇ ਇਹ ਵੀ ਪੁੱਛਿਆ ਕਿ ਕਿੰਨੇ ਭਾਰਤੀ ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ ਅਤੇ ਕਿੰਨੇ ਲੋਕਾਂ ਨੂੰ ਭਾਰਤ ਭੇਜਣ ਦੀ ਯੋਜਨਾ ਹੈ। ਇਸ ‘ਤੇ ਸਰਕਾਰ ਨੇ ਕਿਹਾ ਕਿ ਅਮਰੀਕਾ ਨੇ ਅਜੇ ਤੱਕ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹਾਲਾਂਕਿ 5 ਫਰਵਰੀ ਤੋਂ ਹੁਣ ਤੱਕ 388 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਡਿਪੋਰਟ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸਦਨ ਨੂੰ ਦੱਸਿਆ ਕਿ 2009 ਤੋਂ ਹੁਣ ਤੱਕ ਕੁੱਲ 15,952 ਭਾਰਤੀਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾ ਚੁੱਕਾ ਹੈ। 2019 ਵਿਚ ਵੱਧ ਤੋਂ ਵੱਧ 2,042 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ।
ਸਵਾਲ ਇਹ ਵੀ ਉਠਾਏ ਗਏ ਕਿ ਅਮਰੀਕਾ ਤੋਂ ਪਰਤਣ ਵਾਲੀਆਂ ਫਲਾਈਟਾਂ ਅੰਮ੍ਰਿਤਸਰ ਵਿਚ ਹੀ ਕਿਉਂ ਲੈਂਡ ਕਰ ਰਹੀਆਂ ਹਨ। ਸਰਕਾਰ ਨੇ ਕਿਹਾ ਕਿ 40% ਗੈਰ-ਕਾਨੂੰਨੀ ਪ੍ਰਵਾਸੀ ਪੰਜਾਬ ਤੋਂ ਹਨ ਅਤੇ 34% ਹਰਿਆਣਾ ਤੋਂ ਆਉਂਦੇ ਹਨ, ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੇ ਨਜ਼ਦੀਕੀ ਸਥਾਨਾਂ ‘ਤੇ ਲਿਆਉਣਾ ਸੁਵਿਧਾਜਨਕ ਹੈ। ਕੇਂਦਰ ਸਰਕਾਰ ਮੁਤਾਬਕ 2009 ਤੋਂ 2024 ਦਰਮਿਆਨ 15,564 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਨਵੰਬਰ 2012 ਤੋਂ ਸੰਯੁਕਤ ਰਾਜ ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਲਈ ਇੱਕ ਸਪੱਸ਼ਟ ਨੀਤੀ ਅਪਣਾਈ ਹੈ, ਜਿਸ ਵਿਚ ਔਰਤਾਂ ਅਤੇ ਬੱਚਿਆਂ ਨੂੰ ਆਮ ਤੌਰ ‘ਤੇ ਹੱਥਕੜੀ ਨਹੀਂ ਲਗਾਈ ਜਾਂਦੀ, ਪਰ ਫਲਾਈਟ ਅਧਿਕਾਰੀ ਅੰਤਿਮ ਫੈਸਲਾ ਲੈਂਦੇ ਹਨ।
ਅਮਰੀਕਾ ਤੋਂ ਜਲਦ ਹੀ 295 ਹੋਰ ਭਾਰਤੀ ਨਾਗਰਿਕ ਹੋ ਸਕਦੇ ਨੇ Deport!
