ਅੰਮ੍ਰਿਤਸਰ, 28 ਸਤੰਬਰ (ਪੰਜਾਬ ਮੇਲ)- ਭਾਰਤ ਵਿਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਅੱਜ ਸੋਮਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਮਰੀਕੀ ਰਾਜਦੂਤ ਦੇ ਇਸ ਦੌਰੇ ਨੂੰ ਦੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਪੂਰੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਰਾਜਦੂਤ ਗੋਰ ਆਪਣੇ ਅਧਿਕਾਰਤ ਦੌਰੇ ਤਹਿਤ ਭਾਰਤ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰ ਰਹੇ ਹਨ, ਜਿਸ ਤਹਿਤ ਉਹ ਹਾਲ ਹੀ ਵਿਚ ਸ੍ਰੀਨਗਰ ਅਤੇ ਲੇਹ ਦਾ ਦੌਰਾ ਵੀ ਕਰ ਚੁੱਕੇ ਹਨ।
ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਵੱਲੋਂ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਪਲਾਜਾ ਵਿਖੇ ਤਖਤੀਆਂ ਲੈ ਕੇ ਪ੍ਰਦਰਸ਼ਨ ਕੀਤਾ ਹੈ। ਈਮਾਨ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਤਣਾਅ ਕਾਰਨ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ‘ਅਪਰੇਸ਼ਨ ਸਿੰਧੂਰ’ ਅਤੇ ‘ਸਿੰਧੂ ਜਲ ਸਮਝੌਤੇ’ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਗੱਲਬਾਤ ਮੁੜ ਸ਼ੁਰੂ ਕਰਨ ਅਤੇ ਪਾਣੀ ਦੇ ਸਹਿਯੋਗ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਅਮਰੀਕੀ ਰਾਜਦੂਤ ਨੂੰ 7-ਨੁਕਾਤੀ ਮੰਗ ਪੱਤਰ ਸੌਂਪਿਆ ਹੈ, ਜਿਸ ਵਿਚ ਭਾਰਤ-ਪਾਕਿਸਤਾਨ ਵਿਚਾਲੇ ਜੰਗੀ ਹਾਲਾਤ ਰੋਕਣ ਲਈ ਅਮਰੀਕੀ ਡਿਪਲੋਮੈਟਿਕ ਦਖਲ, ਸਿੰਧੂ ਜਲ ਸਮਝੌਤਾ ਬਹਾਲੀ, ਤਾਪੀ (TAPI) ਪਾਈਪਲਾਈਨ ਪ੍ਰੋਜੈਕਟ ‘ਤੇ ਵਿਚਾਰ ਕਰਨ ਅਤੇ ਵਪਾਰ, ਯਾਤਰਾ ਤੇ ਤੀਰਥ ਯਾਤਰਾ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਸ਼ਾਮਲ ਹੈ।
ਇਸ ਦੌਰਾਨ, ਅਮਰੀਕੀ ਦੂਤ ਦੇ ਦੌਰੇ ਨੂੰ ਮੁੱਖ ਰੱਖਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਸੁਰੱਖਿਆ ਦੇ ਅਤਿ-ਪੁਖਤਾ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਸਰ ਦੇ ਡੀ.ਸੀ.ਪੀ. (ਲਾਅ ਐਂਡ ਆਰਡਰ) ਆਰ.ਪੀ.ਐੱਸ. ਸੰਧੂ ਨੇ ਦੱਸਿਆ ਕਿ ਰਾਜਦੂਤ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ।
ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

