ਸੈਕਰਾਮੈਂਟੋ, 6 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਕੋਰੋਨਾ ਸੰਕਰਮਿਤ ਨਾ ਹੋਣ ਦੀ ਪੁਸ਼ਟੀ ਹੋਣ ਉਪਰੰਤ ਉਹ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ 7 ਸਤੰਬਰ ਨੂੰ ਭਾਰਤ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ। ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਇਸ ਐਲਾਨ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਕੋਰੋਨਾ ਸੰਕਰਮਿਤ ਪਾਈ ਗਈ ਸੀ, ਜਿਸ ਤੋਂ ਬਾਅਦ ਬਾਇਡਨ ਦੀ ਵੀ ਜਾਂਚ ਕੀਤੀ ਗਈ ਸੀ। ਜਾਂਚ ਰਿਪੋਰਟ ‘ਚ ਉਨ੍ਹਾਂ ਦੇ ਸੰਕਰਮਿਤ ਨਾ ਹੋਣ ਦੀ ਪੁਸ਼ਟੀ ਕੀਤੀ ਗਈ।
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਭਾਰਤ ਜਾਣਗੇ। ਉਨ੍ਹਾਂ ਦੱਸਿਆ ਕਿ ਬਾਇਡਨ ਪੀ.ਐੱਮ. ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਬਾਇਡਨ ਸ਼ਨੀਵਾਰ ਤੇ ਐਤਵਾਰ ਨੂੰ ਜੀ-20 ਸੰਮੇਲਨ ਦੇ ਅਧਿਕਾਰਤ ਸੈਸ਼ਨ ‘ਚ ਹਿੱਸਾ ਲੈਣਗੇ।