#INDIA

ਅਰਵਿੰਦ ਕੇਜਰੀਵਾਲ ਵੱਲੋਂ Session Court ‘ਚ ਪੇਸ਼ੀ ਦੇ ਸੰਮਨ ਨੂੰ ਚੁਣੌਤੀ

ਨਵੀਂ ਦਿੱਲੀ, 15 ਮਾਰਚ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਸ਼ਿਕਾਇਤਾਂ ‘ਤੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ਨੂੰ ਸੈਸ਼ਨ ਅਦਾਲਤ ਵਿਚ ਚੁਣੌਤੀ ਦਿੱਤੀ ਹੈ। ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।
ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ‘ਤੇ ਕੇਜਰੀਵਾਲ ਖਿਲਾਫ ਅਦਾਲਤ ‘ਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ। ਈ.ਡੀ. ਨੇ ਪੁੱਛਗਿੱਛ ਲਈ ਕੇਜਰੀਵਾਲ ਖਿਲਾਫ ਅੱਠ ਸੰਮਨ ਜਾਰੀ ਕੀਤੇ ਹਨ।
ਵਰਣਨਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੁਣ ਤੱਕ ਆਬਕਾਰੀ ਨੀਤੀ ਮਾਮਲੇ ਵਿਚ ਈ.ਡੀ. ਵੱਲੋਂ ਜਾਰੀ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਈ.ਡੀ. ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਈ.ਡੀ. ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਸੰਮਨ ਦੀ ਪਾਲਣਾ ਨਾ ਕਰਨ ਲਈ ਦੂਜੀ ਸ਼ਿਕਾਇਤ ਦੇ ਨਾਲ 7 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿਚ ਦਾਖਲ ਕੀਤਾ ਸੀ।
ਹਾਲ ਹੀ ਵਿਚ, ਸੀ.ਐੱਮ. ਕੇਜਰੀਵਾਲ ਨੇ ਈ.ਡੀ. ਦੁਆਰਾ ਉਨ੍ਹਾਂ ਨੂੰ ਭੇਜੇ ਗਏ ਸੰਮਨ ਨੂੰ ”ਗੈਰ-ਕਾਨੂੰਨੀ” ਕਰਾਰ ਦਿੱਤਾ ਸੀ। ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਵਿਰੋਧੀ ਪਾਰਟੀਆਂ ਨੂੰ ਖਤਮ ਕਰਨ ਅਤੇ ਸਰਕਾਰਾਂ ਨੂੰ ਡੇਗਣ ਦਾ ਦੋਸ਼ ਲਗਾਇਆ ਸੀ। ਕੇਜਰੀਵਾਲ ਨੇ ਪਿਛਲੇ ਹਫਤੇ ਕਿਹਾ ਸੀ, ”ਉਨ੍ਹਾਂ ਨੇ ਮੈਨੂੰ ਇੰਨੇ ਨੋਟਿਸ ਭੇਜੇ ਹਨ, ਜਿਵੇਂ ਮੈਂ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਹਾਂ।”
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਭਾਜਪਾ ਉਨ੍ਹਾਂ ਦੀ ਪਾਰਟੀ ਨੂੰ ਕੁਚਲਣਾ ਚਾਹੁੰਦੀ ਹੈ ਕਿਉਂਕਿ ਇਹ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪਾਰਟੀ ਹੈ, ਜੋ ਪੂਰੇ ਦੇਸ਼ ਵਿਚ ਉਨ੍ਹਾਂ ਨੂੰ ਚੁਣੌਤੀ ਦੇਣ ਦੇ ਸਮਰੱਥ ਹੈ। ਈ.ਡੀ. ਮੁਤਾਬਕ ਏਜੰਸੀ ਇਸ ਮਾਮਲੇ ‘ਚ ਸ਼ਰਾਬ ਨੀਤੀ ਬਣਾਉਣ, ਇਸ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਅਤੇ ਰਿਸ਼ਵਤਖੋਰੀ ਦੇ ਦੋਸ਼ਾਂ ਵਰਗੇ ਮੁੱਦਿਆਂ ‘ਤੇ ਕੇਜਰੀਵਾਲ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿਚ ਦਿੱਲੀ ਦੇ ਸਾਬਕਾ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਅਤੇ ਆਪ ਨੇਤਾ ਸੰਜੇ ਸਿੰਘ ਜੇਲ੍ਹ ਵਿਚ ਹਨ।