ਅਹਿੰਸਾ ਤੇ ਪ੍ਰਦਰਸ਼ਨ ਦੇ ਅਧਿਕਾਰ ਦਾ ਸਨਮਾਨ ਕਰੇ ਭਾਰਤ ਸਰਕਾਰ : ਯੂ.ਐੱਨ.

21
Share

ਸੰਯੁਕਤ ਰਾਸ਼ਟਰ, 27 ਜਨਵਰੀ (ਪੰਜਾਬ ਮੇਲ)- ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੇ ਰਾਸ਼ਟਰੀ ਰਾਜਧਾਨੀ ’ਚ ਹਿੰਸਕ ਹੋ ਜਾਣ ਦੇ ਇਕ ਦਿਨ ਬਾਅਦ, ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਅਹਿੰਸਾ ਅਤੇ ਸ਼ਾਂਤਮਈ ਪ੍ਰਦਰਸ਼ਨਾਂ ਦਾ ਸਨਮਾਨ ਕਰਨ ਦੀ ਮੰਗ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਭਾਰਤ ਸਰਕਾਰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ, ਲੋਕਾਂ ਦੇ ਇਕੱਠੇ ਹੋਣ ਦੀ ਆਜ਼ਾਦੀ ਅਤੇ ਅਹਿੰਸਾ ਦਾ ਸਨਮਾਨ ਕਰੇ। ਬੁਲਾਰੇ ਨੇ ਇਸ ਤੋਂ ਪਹਿਲਾਂ ਵੀ ਕਿਹਾ ਸੀ ਕਿ ਲੋਕਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਇਹ ਕਰਨ ਦੇਣਾ ਚਾਹੀਦਾ ਹੈ।
ਸੰਯੁਕਤ ਰਾਸ਼ਟਰ ਦੇ ਬੁਲਾਰੇ ਦਾ ਇਹ ਤਾਜ਼ਾ ਬਿਆਨ ਦਿੱਲੀ ’ਚ ਭੜਕੀ ਹਿੰਸਾ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸੀ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਨੇ ਕਿਹਾ ਸੀ ਕਿ ਜਿੱਥੇ ਤੱਕ ਭਾਰਤ ਦਾ ਸਵਾਲ ਹੈ, ਤਾਂ ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਮੈਂ ਇਨ੍ਹਾਂ ਮੁੱਦਿਆਂ ਨੂੰ ਚੁੱਕਣ ਵਾਲੇ ਹੋਰ ਲੋਕਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ।
ਸੰਯੁਕਤ ਰਾਸ਼ਟਰ ਦੇ ਬੁਲਾਰੇ ਦੇ ਇਸ ਬਿਆਨ ਦੇ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ਦੇ ਬਾਰੇ ’ਚ ਕਿਹਾ ਸੀ, ‘‘ਅਸੀਂ ਭਾਰਤ ਵਿਚ ਕਿਸਾਨਾਂ ਨਾਲ ਸਬੰਧਤ ਕੁਝ ਅਜਿਹੀਆਂ ਟਿੱਪਣੀਆਂ ਦੇਖੀਆਂ ਹਨ, ਜੋ ਗੁੰਮਰਾਹ ਕਰਨ ਵਾਲੀਆਂ ਸੂਚਨਾਵਾਂ ’ਤੇ ਆਧਾਰਿਤ ਹਨ। ਇਸ ਤਰ੍ਹਾਂ ਦੀਆਂ ਟਿੱਪਣੀਆਂ ਅਣਉਚਿਤ ਹਨ, ਖਾਸ ਕਰਕੇ ਜਦੋਂ ਉਹ ਇਕ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਹੋਣ।’’ ਮੰਤਰਾਲੇ ਨੇ ਇਕ ਸੰਦੇਸ਼ ਵਿਚ ਕਿਹਾ ਕਿ ਬਿਹਤਰ ਹੋਵੇਗਾ ਕਿ ਕੂਟਨੀਤਿਕ ਗੱਲਬਾਤ ਰਾਜਨੀਤਿਕ ਉਦੇਸ਼ਾਂ ਲਈ ਗਲਤ ਢੰਗ ਨਾਲ ਪੇਸ਼ ਨਾ ਕੀਤੀ ਜਾਵੇ।
ਇੱਥੇ ਦੱਸ ਦਈਏ ਕਿ ਭਾਰਤੀ ਕਿਸਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਲਈ ਬੀਤ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਬਾਰਡਰ ’ਤੇ ਬੈਠੇ ਹੋਏ ਹਨ। ਇਸ ਦੌਰਾਨ ਕਿਸਾਨ ਨੇਤਾਵਾਂ ਦੀ ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜੋ ਬੇਨਤੀਜਾ ਹੀ ਰਹੀ ਹੈ।

Share