ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸ. ਨਿਧਾਨ ਸਿੰਘ ਨੂੰ ਅਗਵਾਹ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ

685
Share

ਅੰਮ੍ਰਿਤਸਰ, 22 ਜੂਨ (ਪੰਜਾਬ ਮੇਲ)- ਅਫ਼ਗਾਨਿਸਤਾਨ ਦੇ ਇਲਾਕੇ ਪਕੜੀਆਂ ਵਿਖੇ ਗੁਰਦੁਆਰਾ ਸਾਹਿਬ ਦੀ ਸੇਵਾ ਕਰਨ ਸਮੇਂ ਸ. ਨਿਧਾਨ ਸਿੰਘ ਸਚਦੇਵਾ ਨੂੰ ਅਸਮਾਜਿਕ ਤੱਤਾਂ ਵੱਲੋਂ ਅਗਵਾਹ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਵਾਲੇ ਸਿੱਖ ਸ. ਨਿਧਾਨ ਸਿੰਘ ਨੂੰ ਅਗਵਾਹ ਕਰਨਾ ਘੱਟਗਿਣਤੀ ਸਿੱਖਾਂ ’ਤੇ ਵੱਡਾ ਹਮਲਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਸਮੇਂ ਅਫ਼ਗਾਨਿਸਤਾਨ ਦੇ ਕਾਬੁਲ ਵਿਚ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲਾ ਕਰਕੇ ਬਹੁਤ ਸਾਰੇ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜੋ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਮਨੁੱਖਤਾ ਦਾ ਭਲਾ ਮੰਗਣ ਵਾਲੀ ਕੌਮ ਹੈ, ਜੋ ਖਿੱਤੇ ਦੇ ਵਿਕਾਸ ਲਈ ਹੱਢ-ਭਨਵੀਂ ਮਿਹਨਤ ਕਰਕੇ ਆਪਣਾ ਯੋਗਦਾਨ ਪਾਉਂਦੀ ਹੈ। ਅਜਿਹੇ ਹਮਲਿਆਂ ਕਾਰਨ ਅਫ਼ਗਾਨਿਸਤਾਨ ਵਿਚ ਵੱਸ ਰਹੇ ਘੱਟਗਿਣਤੀ ਸਿੱਖਾਂ ਦੇ ਮਨਾਂ ਅੰਦਰ ਸਹਿਮ ਦਾ ਮਾਹੌਲ ਹੈ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਭਾਰਤ ਸਰਕਾਰ ਪਾਸੋਂ ਇਹ ਵੀ ਮੰਗ ਕੀਤੀ ਕਿ ਅਫਗਾਨਿਸਤਾਨ ਵਿੱਚ ਵਸ ਰਹੇ ਜੋ ਪਰਿਵਾਰ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਤੁਰੰਤ ਭਾਰਤ ਲਿਆ ਕਿ ਵਸਾਉਣ ਦੇ ਜਤਨ ਕੀਤੇ ਜਾਣ।

Share