-ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖਿਆ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਮੇਲ)- ਦਿੱਲੀ ਅਤੇ ਅੰਮ੍ਰਿਤਸਰ ਸਮੇਤ ਭਾਰਤ ਦੇ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੂੰ ਕਕਾਰ ਧਾਰਨ ਕਰਕੇ ਸਫਰ ਕਰਨ ਤੋਂ ਰੋਕਣ ਦੀਆਂ ਵਾਪਰ ਰਹੀਆਂ ਘਟਨਾਵਾਂ ‘ਤੇ ਸਮਾਜ ਸੇਵੀ ਜਥੇਬੰਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਵਾਬਾਜ਼ੀ ਮੰਤਰਾਲੇ ਨੂੰ ਇਹ ਰੋਕ ਖਤਮ ਕਰਨ ਦੀ ਅਪੀਲ ਕੀਤੀ ਹੈ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਜਥੇਬੰਦੀ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਰਹਿੰਦੇ ਪ੍ਰਤੀਨਿਧਾਂ ਨੇ ਪੱਤਰ ਲਿਖ ਕੇ ਮਾਮਲਾ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਸਿੱਖ ਆਗੂਆਂ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਵਾਸਤੇ ਉਪਰਾਲਾ ਕੀਤਾ ਜਾਵੇ। ਜਥੇਬੰਦੀ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਅਨੰਤ ਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੌਮਾਂਤਰੀ ਉਡਾਣਾਂ ਲਈ ਸੁਰੱਖਿਆ ਜਾਂਚ ਦੌਰਾਨ ਸਿੱਖ ਯਾਤਰੀਆਂ ਨੂੰ ਧਾਗੇ ‘ਚ ਪਿਰੋ ਕੇ ਗਲੇ ਵਿਚ ਪਾਈ ਸਿਰਫ ਇਕ ਇੰਚ ਵਾਲੀ ਛੋਟੀ ਕਿਰਪਾਨ, ਖੰਡਾ ਜਾਂ ਕੜੇ ਵਰਗੇ ਧਾਰਮਿਕ ਚਿੰਨ੍ਹ ਉਤਾਰਨ ਲਈ ਕਿਹਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਅਪੀਲ ਹੈ।
ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੂੰ ਕਕਾਰ ਧਾਰਨ ਕਰਕੇ ਹਵਾਈ ਸਫ਼ਰ ਤੋਂ ਰੋਕਣ ‘ਤੇ ਚਿੰਤਾ ਪ੍ਰਗਟਾਈ
