#PUNJAB

ਅੰਮ੍ਰਿਤਪਾਲ ਮਾਮਲਾ; ਪੁਲਿਸ ਵੱਲੋਂ ਗ੍ਰਿਫ਼ਤਾਰ 348 ਸਿੱਖ ਨੌਜਵਾਨ ਰਿਹਾਅ

-360 ਜਣਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ; ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਵਧਾਈ
ਅੰਮ੍ਰਿਤਸਰ, 30 ਮਾਰਚ (ਪੰਜਾਬ ਮੇਲ)-ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ‘ਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਜਦੋਂ ਕਿ ਕੌਮੀ ਸੁਰੱਖਿਆ ਐਕਟ ਅਤੇ ਹੋਰ ਧਾਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਅਕਾਲ ਤਖ਼ਤ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ। ਉੱਧਰ ਦੂਜੇ ਪਾਸੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੁੱਧਵਾਰ ਪੁਲਿਸ ਅੱਗੇ ਆਤਮ ਸਮਰਪਣ ਕੀਤੇ ਜਾਣ ਦੀ ਚਰਚਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।
ਦਰਬਾਰ ਸਾਹਿਬ ਨੂੰ ਆਉਣ ਵਾਲੇ ਰਾਹਾਂ ‘ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਵਿਰਾਸਤੀ ਮਾਰਗ ‘ਤੇ ਵਾਹਨਾਂ ਦੀ ਆਵਾਜਾਈ ਵੀ ਰੋਕੀ ਗਈ।
ਇਸ ਦੌਰਾਨ ਪੁਲਿਸ ਕਮਿਸ਼ਨਰ ਵੀ ਸ੍ਰੀ ਦਰਬਾਰ ਸਾਹਿਬ ਪੁੱਜੇ, ਪਰ ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਏ ਹਨ। ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਅੱਗੇ ਆਤਮ ਸਮਰਪਣ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਪੁਲਿਸ ਕੋਲ ਕੋਈ ਜਾਣਕਾਰੀ ਨਹੀਂ ਹੈ। ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਵਧੇਰੇ ਪੁਲਿਸ ਬਲ ਤਾਇਨਾਤ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਅਜਿਹਾ ਨਰਾਤਿਆਂ ਦੇ ਤਿਉਹਾਰ ਨੂੰ ਧਿਆਨ ਵਿਚ ਰੱਖ ਕੇ ਲੋਕਾਂ ਦੀ ਸੁਰੱਖਿਆ ਵਾਸਤੇ ਕੀਤਾ ਗਿਆ ਹੈ।
ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਆਖਿਆ ਕਿ ਟਰੈਫਿਕ ਪੁਲਿਸ ਵੱਲੋਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ, ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਇਸ ਲਈ ਵਧੇਰੇ ਪੁਲਿਸ ਸੜਕਾਂ ‘ਤੇ ਹੈ। ਭਾਵੇਂ ਪੁਲਿਸ ਅਧਿਕਾਰੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਮਰਪਣ ਕੀਤੇ ਜਾਣ ਦੀ ਚਰਚਾ ਬਾਰੇ ਕੋਈ ਹਾਂ-ਪੱਖੀ ਸੰਕੇਤ ਨਹੀਂ ਦਿੱਤਾ ਗਿਆ ਪਰ ਖੁਫੀਆ ਏਜੰਸੀਆਂ ਵੱਲੋਂ ਉਸ ਦੇ ਸਮਰਪਣ ਕੀਤੇ ਜਾਣ ਦੀ ਸੰਭਾਵਨਾ ਨੂੰ ਸਹੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਜਨਤਕ ਹੋਈ ਹੈ, ਜਿਸ ਵਿਚ ਉਸ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਲਈ ਅਪੀਲ ਕੀਤੀ ਹੈ।

ਪੁਲਿਸ ਵੱਲੋਂ ਲੋਕਾਂ ਨੂੰ ਅੰਮ੍ਰਿਤਪਾਲ ਬਾਰੇ ਸੂਚਨਾ ਦੇਣ ਦੀ ਅਪੀਲ
ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇਕ ਨੋਟਿਸ ਰਾਹੀਂ ਲੋਕਾਂ ਨੂੰ ਸੂਚਿਤ ਕੀਤਾ ਕਿ ਜੇਕਰ ਕਿਸੇ ਵਿਅਕਤੀ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਬਾਰੇ ਪੁਲਿਸ ਨੂੰ ਸੂਚਨਾ ਦੇਵੇ। ਇਸ ਸਬੰਧ ‘ਚ ਕੰਟਰੋਲ ਰੂਮ, ਐੱਸ. ਐੱਸ. ਪੀ. ਦਫ਼ਤਰ ਦਾ ਨੰਬਰ, ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਅਜਨਾਲਾ ਦਾ ਨੰਬਰ ਵੀ ਦਿੱਤਾ ਗਿਆ ਹੈ। ਨੋਟਿਸ ਵਿਚ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਉਸ ਦੇ ਹੁਲੀਏ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜਿਸ ‘ਚ ਲਿਖਿਆ ਕਿ ਇਹ ਵਿਅਕਤੀ ਪੁਲਿਸ ਨੂੰ ਲੋੜੀਂਦਾ ਹੈ।

Leave a comment