ਚੰਡੀਗੜ੍ਹ, 1 ਅਗਸਤ (ਪੰਜਾਬ ਮੇਲ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ. ਏ.) ਤਹਿਤ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਇਕ ਵਕੀਲ ਨੇ ਬੁੱਧਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। ਵਕੀਲ ਅਮਰਜੀਤ ਸਿੰਘ ਨੇ ਦੱਸਿਆ ਕਿ ਅਸੀਂ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਚੀਫ ਜਸਟਿਸ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤੇ ਹਨ ਅਤੇ 28 ਅਗਸਤ ਨੂੰ ਅਗਲੀ ਸੁਣਵਾਈ ‘ਤੇ ਪੇਸ਼ ਹੋਣ ਲਈ ਆਖਿਆ ਹੈ।
ਦੱਸਣਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਸੰਸਦੀ ਹਲਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਐੱਨ.ਐੱਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ, ਨੇ ਐੱਨ.ਐੱਸ.ਏ. ਤਹਿਤ ਆਪਣੀ ਨਜ਼ਰਬੰਦੀ ਨੂੰ 20 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।