#PUNJAB

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਸੈਸ਼ਨ ਕੋਰਟ ‘ਚ ਸੁਣਵਾਈ, ਡਿਸਚਾਰਜ ਅਰਜ਼ੀ ‘ਤੇ ਨੋਟਿਸ ਜਾਰੀ

ਅੰਮ੍ਰਿਤਸਰ, 7 ਮਈ (ਪੰਜਾਬ ਮੇਲ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਾਰੀਖ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ‘ਚ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ ”ਬੇਬੁਨਿਆਦ” ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।
ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਨੂੰ ਅੰਮ੍ਰਿਤਪਾਲ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ। ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਦਾਲਤ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ।
ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਭਾਈ ਅੰਮ੍ਰਿਤਪਾਲ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਅਤੇ ਕਾਨੂੰਨੀ ਤੌਰ ‘ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।