ਚੰਡੀਗੜ੍ਹ/ਅੰਮ੍ਰਿਤਸਰ, 18 ਅਗਸਤ (ਪੰਜਾਬ ਕੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਅੰਮ੍ਰਿਤਸਰ ਨਗਰ ਨਿਗਮ ਦੇ ਦੋ ਕੌਂਸਲਰ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੌਂਸਲਰ ਸ਼ਿਵਾਲੀ (ਵਾਰਡ ਨੰ. 79) ਅਤੇ ਕੌਂਸਲਰ ਡਾ. ਅਵਤਾਰ ਸਿੰਘ (ਵਾਰਡ ਨੰ. 72) ਦਾ ਪਾਰਟੀ ‘ਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਪਹਿਲਾਂ ਕਾਂਗਰਸ ਪਾਰਟੀ ਤੋਂ ਚੋਣ ਲੜ ਕੇ ਜਿੱਤ ਪ੍ਰਾਪਤ ਕੀਤੀ ਸੀ ਪਰ ‘ਆਪ’ ਦੀ ਲੋਕ-ਕੇਂਦ੍ਰਿਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿਚ ਸ਼ਾਮਲ ਹੋ ਗਏ, ਜੋ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਪਾਰਟੀ ਲਈ ਇਕ ਮਹੱਤਵਪੂਰਨ ਵਾਧਾ ਹੈ।
ਇਸ ਮੌਕੇ ਅੰਮ੍ਰਿਤਸਰ ਦੇ ਮੇਅਰ ਮੋਤੀ ਭਾਟੀਆ, ਆਗੂ ਸ਼ਮਸ਼ੇਰ ਸਿੰਘ, ਧਰਮਜੀਤ ਸਿੰਘ ਬੌਬੀ, ਹਰਜੋਤ ਸਿੰਘ ਅਤੇ ਜਸਪਾਲ ਸਿੰਘ ਪੁਤਲੀਘਰ ਵੀ ਨਵੇਂ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਆਪਣਾ ਸਮਰਥਨ ਅਤੇ ਸ਼ੁਭਕਾਮਨਾਵਾਂ ਦੇਣ ਲਈ ਮੌਜੂਦ ਸਨ। ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਚ ਆਗੂਆਂ ਦਾ ਲਗਾਤਾਰ ਸ਼ਾਮਲ ਹੋਣਾ ਪਾਰਟੀ ਦੇ ਸ਼ਾਸਨ ਵਿਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ‘ਚ ਪੰਜਾਬ ਵਿਚ ‘ਆਪ’ ਸਰਕਾਰ ਨੇ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ-ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ‘ਚ ਤੇਜ਼ੀ ਨਾਲ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਅਤੇ ਟੀਮ ਮਜ਼ਬੂਤ ਹੁੰਦੀ ਹੈ, ਤਾਂ ਸ਼ਹਿਰ ਤੇਜ਼ੀ ਨਾਲ ਵਿਕਾਸ ਕਰਦਾ ਹੈ। ਇਨ੍ਹਾਂ ਸਾਰੇ ਮੈਂਬਰਾਂ ਦੇ ਸ਼ਾਮਲ ਹੋਣ ਨਾਲ, ਸਾਡੇ ਮੇਅਰ ਮੋਤੀ ਭਾਟੀਆ ਅਤੇ ਉਨ੍ਹਾਂ ਦੇ ਸਾਥੀ ਅੰਮ੍ਰਿਤਸਰ ਵਿਚ ਵਿਕਾਸ ਕਾਰਜਾਂ ਨੂੰ ਹੋਰ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧਾਉਣਗੇ।
ਅਰੋੜਾ ਨੇ ਦੋਵਾਂ ਕੌਂਸਲਰਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਉਨ੍ਹਾਂ ਦੇ ਵਾਰਡਾਂ ਅਤੇ ਪੂਰੇ ਅੰਮ੍ਰਿਤਸਰ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਵਚਨਬੱਧਤਾ ਦਾ ਸਨਮਾਨ ਕਰੇਗੀ।
ਅੰਮ੍ਰਿਤਸਰ ‘ਚ ਕਾਂਗਰਸ ਪਾਰਟੀ ਦੇ ਦੋ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ
