#PUNJAB

ਅੱਜ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਹੋਵੇਗੀ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ-ਮਹੱਲਾ ਦੀ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਪੰਜਾਬ ਮੇਲ)- ਖ਼ਾਲਸਾ ਪੰਥ ਦੀ ਆਨ ਅਤੇ ਸ਼ਾਨ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਆਰੰਭਤਾ 2 ਮਾਰਚ 2023 ਨੂੰ ਰਾਤ 11 ਵਜੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਪੰਥਕ ਸ਼ਖ਼ਸੀਅਤਾਂ ਵੱਲੋਂ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ’ਚ ਆਰੰਭਤਾ ਹੋਵੇਗੀ। ਇਥੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਰਪ੍ਰਸਤੀ ਹੇਠ ਹੋਲਾ-ਮਹੱਲਾ ਨੂੰ ਲੈ ਕੇ ਹੋਈ ਮੀਟਿੰਗ ’ਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਦੀ ਆਰੰਭਤਾ ਨੂੰ ਪੂਰੀ ਸ਼ਾਨੋ-ਸ਼ੋਕਤ ਦੇ ਨਾਲ ਕਰਨ ਦਾ ਫ਼ੈਸਲਾ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਹੋਲਾ ਮਹੱਲਾ ਸਬੰਧੀ ਲਗਭਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 2 ਮਾਰਚ ਨੂੰ ਰਾਤ 11 ਵਜੇ ਨਗਾਰੇ ਵਜ੍ਹਾਉਣ ਤੋਂ ਬਾਅਦ 3 ਮਾਰਚ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ, ਜਿਸ ਦੇ ਭੋਗ 5 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਦੀਵਾਨ ਸਜਾਏ ਜਾਣਗੇ।

Leave a comment