#PUNJAB

ਅੱਜ ਪੰਜਾਬ ਦੌਰੇ ‘ਤੇ ਕੇਜਰੀਵਾਲ

ਗੁਰਦਾਸਪੁਰ, 2 ਦਸੰਬਰ (ਪੰਜਾਬ ਮੇਲ)-  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਵੱਲੋਂ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਗਏ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 2 ਦਸੰਬਰ ਨੂੰ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ’ਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਅਤੇ ਰੇਲਵੇ ਅੰਡਰ ਪਾਸ ਦਾ ਉਦਘਾਟਨ ਕਰਨ ਦੇ ਨਾਲ ਲੋਕ ਸਭਾ ਹਲਕੇ ’ਚ 1854 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਇਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।  ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਲਕੇ 2 ਦਸੰਬਰ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ’ਚ ਵਿਕਾਸ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅਤੇ ਪਠਾਨਕੋਟ ਲਈ ਇਹ ਇਤਿਹਾਸਕ ਪਲ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਬਹੁਤ ਵੱਡੀ ਗਿਣਤੀ ’ਚ ਲੋਕ ਆਪਣੇ ਹਰਮਨ ਪਿਆਰੇ ਆਗੂਆਂ ਨੂੰ ਸੁਣਨ ਲਈ ਅਤੇ ਇਨ੍ਹਾਂ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਰੈਲੀ ’ਚ ਪਹੁੰਚ ਰਹੇ ਹਨ।