28.4 C
Sacramento
Wednesday, October 4, 2023
spot_img

ਅੱਤਵਾਦੀ ਲਖਬੀਰ ਲੰਡਾ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

-ਲਖਬੀਰ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਚਲਾਈ ਤਲਾਸ਼ੀ ਮੁਹਿੰਮ
ਚੰਡੀਗੜ੍ਹ/ਜਲੰਧਰ, 4 ਸਤੰਬਰ (ਪੰਜਾਬ ਮੇਲ)- ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਇਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਹ ਛਾਪੇਮਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਇਕੋ ਸਮੇਂ ‘ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲ੍ਹਿਆਂ ਵਿਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿਚ ਲਗਭਗ 1200 ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।
ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫਾਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਰਹਿੰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles