‘ਆਪ’ ਦੀ ਜਿੱਤ ਮਗਰੋਂ ਪ੍ਰਸ਼ਾਸਨਿਕ ਅਧਿਕਾਰੀ ਹੋਏ ਸਰਗਰਮ

102
Share

* ਮੁੱਖ ਸਕੱਤਰ ਨੇ ਬੇਅਦਬੀ ਮਾਮਲਿਆਂ ਬਾਰੇ ਰਿਪੋਰਟ ਮੰਗੀ
* ਨਸ਼ਿਆਂ ਦੇ ਮਾਮਲੇ ’ਚ ਹੋਈਆਂ ਪੜਤਾਲਾਂ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਵੀ ਹੋਵੇਗੀ ਘੋਖ
ਚੰਡੀਗੜ੍ਹ, 12 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਭਗਵੰਤ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਪੰਜਾਬ ਦੀ ਨੌਕਰਸ਼ਾਹੀ ’ਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਅੱਜ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਪੂਰੇ ਕੇਸ ਦੇ ਵੇਰਵੇ ਡੀ.ਜੀ.ਪੀ. ਤੋਂ ਮੰਗ ਲਏ ਹਨ। ਨਸ਼ਿਆਂ ਦੇ ਮਾਮਲੇ ’ਚ ਹੋਈਆਂ ਪੜਤਾਲਾਂ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਫਾਈਲ ਵੀ ਮੰਗੀ ਗਈ ਹੈ। ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਪਿੱਛੋਂ ਪ੍ਰਸ਼ਾਸਨਿਕ ਅਧਿਕਾਰੀ ਸਰਗਰਮ ਹੋ ਗਏ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀ ਭੰਬਲਭੂਸੇ ਵਿਚ ਸਨ, ਜਿਸ ਕਰਕੇ ਬਹੁਤੇ ਅਧਿਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਰਾਬਤਾ ਬਣਾਉਣ ’ਚ ਜੁਟੇ ਹੋਏ ਸਨ। ਹੁਣ ਰਾਜਸੀ ਪੁਜੀਸ਼ਨ ਸਾਫ ਹੋਣ ਮਗਰੋਂ ਅਧਿਕਾਰੀ ਇੱਕਦਮ ਹਰਕਤ ਵਿਚ ਆ ਗਏ ਹਨ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵੀ ਆਪੋ-ਆਪਣੀ ਕਾਰਗੁਜ਼ਾਰੀ ਦੀ ਰਿਪੋਰਟ ਮੰਗ ਲਈ ਗਈ ਹੈ। ਸਿੱਖਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਫਾਈਲਾਂ ਤਿਆਰ ਕਰਨ ਵਿਚ ਰੁੱਝ ਗਏ ਹਨ।
ਮੁੱਖ ਸਕੱਤਰ ਦਫਤਰ ਵੱਲੋਂ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮਾਂ ਦੀ ਤਿਆਰੀ ਵੀ ਵਿੱਢ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਰੀਵਿਊ ਮੀਟਿੰਗ ਵੀ ਕੀਤੀ ਹੈ। ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕੀਤਾ ਹੈ ਕਿ ਨਵੀਂ ਗਠਿਤ ਹੋਣ ਵਾਲੀ ਸਰਕਾਰ ਵੱਲੋਂ 13 ਮਾਰਚ ਨੂੰ ਸ੍ਰੀ ਅੰਮਿ੍ਰਤਸਰ ਸਾਹਿਬ ਵਿਚ ਅਤੇ 17 ਮਾਰਚ ਨੂੰ ਖਟਕੜ ਕਲਾਂ ਵਿਖੇ ਸਮਾਗਮ ਕੀਤਾ ਜਾਵੇਗਾ। 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰੱਖੇ ਜਾਣ ਦੀ ਗੱਲ ਵੀ ਆਖੀ ਗਈ ਹੈ।
ਨਵੇਂ ਵਜ਼ੀਰਾਂ ਲਈ ਦਫਤਰਾਂ ਦੀ ਤਿਆਰੀ ਕੀਤੀ ਜਾਣ ਲੱਗੀ ਹੈ ਅਤੇ ਪੁਰਾਣੇ ਵਜ਼ੀਰਾਂ ਤੋਂ ਰਿਹਾਇਸ਼ ਖਾਲੀ ਕਰਾਉਣ ਲਈ ਵੀ ਅਧਿਕਾਰੀ ਸਰਗਰਮ ਹੋ ਗਏ ਹਨ। ਪਤਾ ਲੱਗਾ ਹੈ ਕਿ ਟਰਾਂਸਪੋਰਟ ਵਿਭਾਗ ਨੇ ਵੀ ਨਵੇਂ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਨਵੇਂ ਵਾਹਨਾਂ ਬਾਰੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
ਉਧਰ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਤਵਾਲੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਤਵਾਲੀਆ ਨੂੰ ਐਡਵੋਕੇਟ ਜਨਰਲ ਲਾਇਆ ਗਿਆ ਸੀ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਉਸ ਵੇਲੇ ਐਡਵੋਕੇਟ ਜਨਰਲ ਅਤੇ ਡੀ.ਜੀ.ਪੀ. ਦੀ ਨਿਯੁਕਤੀ ਨੂੰ ਲੈ ਕੇ ਆਪਣੇ ਅਹੁਦਾ ਤੋਂ ਅਸਤੀਫਾ ਵੀ ਦੇ ਦਿੱਤਾ ਸੀ।

Share