#PUNJAB

‘ਆਪ’ ਦੇ ਰਾਜ ਸਭਾ ਮੈਂਬਰਾਂ ਦੀ ਚੋਣ ਮੁਹਿੰਮ ‘ਚੋਂ ਗੈਰ ਹਾਜ਼ਰੀ ‘ਤੇ ਉੱਠੇ ਸਵਾਲ

ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਪੰਜਾਬ ਵਿਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਮੈਦਾਨ ਭਖ ਗਿਆ ਹੈ। ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਤੇ ਹੋਰ ਸੀਨੀਅਰ ਆਗੂ ਵੀ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਡਟੇ ਹੋਏ ਹਨ। ਉੱਧਰ, ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ ਪਰ ਲੋਕ ਸਭਾ ਚੋਣਾਂ ਦੌਰਾਨ ‘ਆਪ’ ਪੰਜਾਬ ਦੇ ਰਾਜ ਸਭਾ ਮੈਂਬਰ ਦਿਖਾਈ ਨਹੀਂ ਦੇ ਰਹੇ, ਜਿਨ੍ਹਾਂ ਦੀ ਗੈਰਹਾਜ਼ਰੀ ‘ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਹਾਲਾਂਕਿ ਕੁਝ ਰਾਜ ਸਭਾ ਮੈਂਬਰਾਂ ਨੇ ਪਹਿਲਾਂ ਹੀ ਰਾਜਸੀ ਗਤੀਵੀਧੀਆਂ ਵਿਚ ਹਿੱਸਾ ਲੈਣ ਤੋਂ ਪਾਸਾ ਵੱਟ ਲਿਆ ਸੀ। ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ ਤੇ ਸਾਰੇ ਕੈਬਨਿਟ ਮੰਤਰੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਛੱਡ ਕੇ ਬਾਕੀ ਕੋਈ ਵੀ ਰਾਜ ਸਭਾ ਮੈਂਬਰ ਦਿਖਾਈ ਨਹੀਂ ਦੇ ਰਿਹਾ ਹੈ। ਡਾ. ਸੰਦੀਪ ਪਾਠਕ ਕੋਲ ਕੌਮੀ ਪੱਧਰ ਦੀ ਜ਼ਿੰਮੇਵਾਰੀ ਹੋਣ ਕਰਕੇ ਉਹ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ਪ੍ਰਚਾਰ ਦਾ ਕੰਮ ਦੇਖ ਰਹੇ ਹਨ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ, ਵਿਕਰਮਜੀਤ ਸਾਹਨੀ, ਸੰਤ ਬਲਬੀਰ ਸਿੰਘ ਸੀਚੇਵਾਲ, ਸੰਜੀਵ ਅਰੋੜਾ, ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਪੰਜਾਬ ਵਿਚ ਚੋਣ ਸਰਗਰਮੀਆਂ ਦੌਰਾਨ ਕਿਤੇ ਵੀ ਦਿਖਾਈ ਨਹੀਂ ਦੇ ਰਹੇ ਹਨ। ਰਾਜ ਸਭਾ ਮੈਂਬਰ ਰਾਘਵ ਚੱਢਾ ਪਿਛਲੇ ਦਿਨੀਂ ਵਿਦੇਸ਼ ਤੋਂ ਪਰਤ ਆਏ ਹਨ। ਉਹ ਇਕ ਵਾਰ ਚੰਡੀਗੜ੍ਹ ਵੀ ਆਏ ਪਰ ਸ਼੍ਰੀ ਚੱਢਾ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਦੇ ਦਿਖਾਈ ਨਹੀਂ ਦੇ ਰਹੇ ਹਨ। ‘ਆਪ’ ਵੱਲੋਂ ਵੀ ਰਾਜ ਸਭਾ ਮੈਂਬਰਾਂ ਨੂੰ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚੋਂ ਬਾਹਰ ਰੱਖਿਆ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਹਿਲਾਂ ਹੀ ਰਾਜਸੀ ਗਤੀਵਿਧੀਆਂ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਰਾਜ ਸਭਾ ਮੈਂਬਰ ਹਰਭਜਨ ਸਿੰਘ ਤਾਂ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿਚ ਵੀ ਨਜ਼ਰ ਨਹੀਂ ਆਏ। ਉਨ੍ਹਾਂ ਜ਼ਿਮਨੀ ਚੋਣ ਵਿਚ ਵੋਟ ਵੀ ਨਹੀਂ ਪਾਈ।