#PUNJAB

‘ਆਪ’ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ Election ਲੜਨ ਲਈ ਤਿਆਰ

ਜਲੰਧਰ, 31 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ‘ਚ ਆਪਣੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਚੋਣ ਮੂਡ ‘ਚ ਆਉਣ ਦੇ ਨਿਰਦੇਸ਼ ਦਿੱਤੇ ਹਨ। ‘ਆਪ’ ਇਸ ਸਮੇਂ ਪੰਜਾਬ ‘ਚ ਸੱਤਾ ‘ਚ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਲਈ ਤਿਆਰ ਹੈ। ਇਸ ਅਨੁਸਾਰ ਸਾਰੇ ਆਗੂਆਂ ਨੂੰ ਸੰਦੇਸ਼ ਭੇਜਿਆ ਗਿਆ ਹੈ ਕਿ ਉਹ ਹੁਣ ਜਨਤਾ ਨਾਲ ਤਾਲਮੇਲ ਵਧਾਉਣ। ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਇਕ ਪਾਸੇ ਦੂਜੇ ਰਾਜਾਂ ‘ਚ ਚੋਣ ਦੌਰਿਆਂ ‘ਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ‘ਚ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਸਰਕਾਰੀ ਤੇ ਸਿਆਸੀ ਮੀਟਿੰਗਾਂ ਵਿਚ ਹਿੱਸਾ ਲੈਣ ਵਾਲੇ ਹਨ।
ਮੁੱਖ ਮੰਤਰੀ ਦੀ ਕੋਸ਼ਿਸ਼ ਹੈ ਕਿ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦਾ ਬਿਗੁਲ ਵਜਾਏ ਜਾਣ ਤੋਂ ਪਹਿਲਾਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਅਰਵਿੰਦ ਕੇਜਰੀਵਾਲ ਨਾਲ ਮੀਟਿੰਗਾਂ ਕੀਤੀਆਂ ਜਾਣ। ਇਸੇ ਦੇ ਅਨੁਸਾਰ ਉਹ ਆਮ ਆਦਮੀ ਪਾਰਟੀ ਦੀ ਰਣਨੀਤੀ ਤਿਆਰ ਕਰਨ ‘ਚ ਜੁੱਟੇ ਹੋਏ ਹਨ। ਅਰਵਿੰਦ ਕੇਜਰੀਵਾਲ ਵੀ ਪੰਜਾਬ ‘ਚ ਆਉਣ ਵਾਲੇ ਸਮੇਂ ‘ਚ ਪਾਰਟੀ ਵਲੰਟੀਅਰਾਂ ਨਾਲ ਮੀਟਿੰਗਾਂ ਵੀ ਕਰਨਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਦਾ ਦੌਰਾ ਕਰਕੇ ਵਲੰਟੀਅਰਾਂ ਅਤੇ ਪਾਰਟੀ ਆਗੂਆਂ ਦਾ ਮਨੋਬਲ ਵਧਾਉਣਗੇ। ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਦੇ ਮੰਤਰੀਆਂ ਨੂੰ ਸ਼ਹਿਰਾਂ ਅਤੇ ਦਿਹਾਤੀ ਇਲਾਕਿਆਂ ‘ਚ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਕੁੱਲ ਮਿਲਾ ਕੇ ਪੰਜਾਬ ਹੁਣ ਆਉਣ ਵਾਲੇ ਦਿਨਾਂ ‘ਚ ਚੋਣ ਮੂਡ ‘ਚ ਆਉਂਦਾ ਨਜ਼ਰ ਆਵੇਗਾ। ਹੋਰ ਸਿਆਸੀ ਪਾਰਟੀਆਂ ਵੀ ਆਪਣੀਆਂ ਸਿਆਸੀ ਤਿਆਰੀਆਂ ‘ਚ ਰੁੱਝੀਆਂ ਹੋਈਆਂ ਹਨ। ਇਸ ਹਿਸਾਬ ਨਾਲ ‘ਆਪ’ ਹੁਣ ਤੋਂ ਹੀ ਤਿਆਰ ਹੋਣਾ ਚਾਹੁੰਦੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਅਗਲੇ ਇਕ ਮਹੀਨੇ ਦੇ ਅੰਦਰ ਸਰਕਾਰੀ ਪੱਧਰ ‘ਤੇ ਕੁਝ ਅਹਿਮ ਫ਼ੈਸਲੇ ਵੀ ਲਏ ਜਾਣਗੇ, ਜਿਨ੍ਹਾਂ ਦਾ ਵੋਟਰਾਂ ‘ਤੇ ਅਸਰ ਪੈ ਸਕਦਾ ਹੈ।