#PUNJAB

‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈ.ਡੀ. ਦੀ ਰੇਡ

-ਪਾਰਟੀ ਵੱਲੋਂ ਪਹਿਲੀ ਸੂਚੀ ‘ਚ ਮੁੜ ਐਲਾਨਿਆ ਗਿਆ ਸੀ ਉਮੀਦਵਾਰ
ਮੋਗਾ, 4 ਨਵੰਬਰ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਇੱਕ ਟੀਮ ਨੇ ਬੁੱਧਵਾਰ ਤੜਕੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋਵਾਂ ਨਿਵਾਸ ਅਸਥਾਨਾਂ ‘ਤੇ ਛਾਪਾ ਮਾਰਿਆ।
ਮਿਲੀ ਜਾਣਕਾਰੀ ਮੁਤਾਬਕ ਜਦੋਂ ਜਾਂਚ ਟੀਮ ਪਹੁੰਚੀ, ਤਾਂ ਵਿਧਾਇਕਾ ਆਪਣੇ ਘਰ ਵਿਚ ਹੀ ਮੌਜੂਦ ਸਨ, ਜਿੱਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਦੋਵਾਂ ਥਾਵਾਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਜਾਰੀ ਸੀ। ਫ਼ਿਲਹਾਲ ਜਾਂਚ ਏਜੰਸੀ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਕਾਰਵਾਈ ਕਿਸ ਮਾਮਲੇ ਤਹਿਤ ਕੀਤੀ ਗਈ ਹੈ ਅਤੇ ਨਾ ਹੀ ਈ.ਡੀ. ਜਾਂ ਵਿਧਾਇਕਾ ਦੇ ਪਰਿਵਾਰ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।
ਦੂਜੇ ਪਾਸੇ, ਵਿਧਾਇਕਾ ਦੇ ਨਜ਼ਦੀਕੀਆਂ ਨੇ ਦੋਸ਼ ਲਾਇਆ ਹੈ ਕਿ ਇਹ ਛਾਪੇਮਾਰੀ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਤਰਜ਼ ‘ਤੇ ਡਾ. ਅਰੋੜਾ ਉੱਤੇ ਭਾਜਪਾ ਜਾਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਹੈ। ਮੋਗਾ ਵਿਧਾਇਕਾ ਦੇ ਕਰੀਬੀ ਜਗਦੇਵ ਸਿੰਘ ਨੇ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਜਪਾ ਕੋਲ ਸਾਂਝੇ ਜਾਂ ਵੱਖਰੇ ਤੌਰ ‘ਤੇ ਮੋਗਾ ਤੋਂ ਚੋਣ ਮੈਦਾਨ ਵਿਚ ਉਤਾਰਨ ਲਈ ਕੋਈ ਮਜ਼ਬੂਤ ਉਮੀਦਵਾਰ ਨਹੀਂ ਹੈ, ਜਿਸ ਕਾਰਨ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਕਾਰਵਾਈ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਆਗਾਮੀ ਚੋਣਾਂ ਲਈ ਡਾ. ਅਮਨਦੀਪ ਕੌਰ ਅਰੋੜਾ ਨੂੰ ਮੋਗਾ ਹਲਕੇ ਤੋਂ ਪਹਿਲਾਂ ਹੀ ਮੁੜ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।