ਫਿਰੋਜ਼ਪੁਰ, 8 ਅਪ੍ਰੈਲ (ਪੰਜਾਬ ਮੇਲ)- ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਦੋ ਦਿਨ ਪਹਿਲਾਂ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਏ ਸਨ। ਪਾਰਟੀ ਵੱਲੋਂ ਉਨ੍ਹਾਂ ਨੂੰ ਹੁਣ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਤੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਕਰ ਦਿੱਤੇ ਜਾਣਗੇ। ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਆਖਰੀ ਫ਼ੈਸਲਾ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵਲੋਂ ਲਿਆ ਜਾਵੇਗਾ।
ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਾਜਨੀਤਿਕ ਪਿਛੋਕੜ ਨਾਲ ਸਬੰਧਤ ਸੁਰਿੰਦਰ ਕੰਬੋਜ ਖੁਦ ਸਮਾਜਿਕ ਅਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ, ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਸਪੱਸ਼ਟ ਹੋ ਜਾਵੇਗਾ।