#INDIA

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਨਵੀਂ ਦਿੱਲੀ, 3 ਮਾਰਚ (ਪੰਜਾਬ ਮੇਲ)- ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿਚ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ਼੍ਰੀ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਕਿ ਉਨ੍ਹਾਂ ਨੇ ਰਾਊਜ਼ ਐਵੇਨਿਊ ਅਦਾਲਤ ਵਿਚ ਆਪਣੀ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਰਜ਼ੀ ‘ਤੇ ਭਲਕੇ ਸ਼ਨਿੱਚਰਵਾਰ ਨੂੰ ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਕੋਲ ਸੁਣਵਾਈ ਹੋਣ ਦੀ ਸੰਭਾਵਨਾ ਹੈ। ਸੀ.ਬੀ.ਆਈ. ਨੇ ਆਬਕਾਰੀ ਨੀਤੀ ਮਾਮਲੇ ਵਿਚ ਸ਼੍ਰੀ ਸਿਸੋਦੀਆ ਨੂੰ ਬੀਤੇ ਐਤਵਾਰ ਅੱਠ ਘੰਟੇ ਦੀ ਪੁੱਛ-ਪੜਤਾਲ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ। ਉਹ 4 ਮਾਰਚ ਤੱਕ ਸੀ.ਬੀ.ਆਈ. ਰਿਮਾਂਡ ‘ਤੇ ਹਨ।
ਇਸ ਤੋਂ ਪਹਿਲਾਂ ਸ਼੍ਰੀ ਸਿਸੋਦੀਆ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਪਰ ਸਿਖਰਲੀ ਅਦਾਲਤ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

Leave a comment