#PUNJAB

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਐੱਸ.ਏ.ਐੱਸ. ਨਗਰ (ਮੁਹਾਲੀ), 11 ਫਰਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਰੋਜ਼ਾ ਪੁਲੀਸ ਰਿਮਾਂਡ ਖ਼ਤਮ ਹੋਣ ‘ਤੇ ਸ਼ੁੱਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਨਾਭਾ ਦੀ ਸੈਂਟਰਲ ਜੇਲ੍ਹ ਵਿਚ ਭੇਜ ਦਿੱਤਾ ਹੈ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿਚ ਕਾਂਗਰਸ ਵਜ਼ਾਰਤ ਸਮੇਂ ਹੋਏ ਵੱਖੋ-ਵੱਖ ਘੁਟਾਲਿਆਂ ਸਬੰਧੀ ਪਹਿਲਾਂ ਹੀ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਕਾਫ਼ੀ ਦਿਨਾਂ ਤੋਂ ਜ਼ਮਾਨਤ ‘ਤੇ ਸਨ। ਸਾਬਕਾ ਮੰਤਰੀ ‘ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਕਰਨ ਦਾ ਵੀ ਦੋਸ਼ ਹੈ। ਵਿਜੀਲੈਂਸ ਅਨੁਸਾਰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਬਾਰੇ ਪਹਿਲਾਂ ਹੀ ਜਾਂਚ ਚੱਲ ਰਹੀ ਸੀ। ਜਾਂਚ ਏਜੰਸੀ ਨੇ ਮੁੱਢਲੀ ਤਫ਼ਤੀਸ਼ ਤੋਂ ਬਾਅਦ ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਨਵਾਂ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਕੋਲੋਂ ਉਸ ਦੀ ਜਾਇਦਾਦਾਂ ਅਤੇ ਹੋਰ ਪੁੱਛਗਿੱਛ ਕੀਤੀ ਜਾਣੀ ਹੈ। ਮੁਹਾਲੀ ਅਦਾਲਤ ਵਿਚ ਪੇਸ਼ੀ ਤੋਂ ਪਹਿਲਾਂ ਜਿਵੇਂ ਹੀ ਵਿਜੀਲੈਂਸ ਦੀ ਟੀਮ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਲੈ ਕੇ ਜੁਡੀਸ਼ਲ ਕੰਪਲੈਕਸ ਦੇ ਬਾਹਰ ਪਹੁੰਚੀ ਤਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਉਸ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।

Leave a comment