ਵਿਰੋਧੀਆਂ ‘ਤੇ ਸਿਆਸੀ ਸਾਜ਼ਿਸ਼ ਘੜਨ ਦੇ ਦੋਸ਼
ਚੰਡੀਗੜ੍ਹ, 18 ਜੂਨ (ਪੰਜਾਬ ਮੇਲ)- ਇੱਕ ਕਥਿਤ ਵੀਡੀਓ ਮਾਮਲੇ ਵਿਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ‘ਸ੍ਰੀ ਅਕਾਲ ਤਖ਼ਤ ਸਾਹਿਬ’ ਵੱਲੋਂ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ‘ਤੇ ਆਪਣਾ ਪੱਖ ਸਾਹਮਣੇ ਰੱਖਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਤੋਂ ਬਾਹਰਲੀਆਂ ਪ੍ਰਮੁੱਖ ਲੈਬਾਰਟਰੀਆਂ ਤੋਂ ਕਰਵਾਈ ਗਈ ਫ਼ੋਰੈਂਸਿਕ ਜਾਂਚ ਵਿਚ ਇਹ ਸਾਬਤ ਹੋ ਗਿਆ ਹੈ ਕਿ ਉਕਤ ਵੀਡੀਓ ਪੂਰੀ ਤਰ੍ਹਾਂ ਨਕਲੀ ਅਤੇ ਫ਼ਰਜ਼ੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਵੀਡੀਓ ਦੇ ਇੱਕ-ਇੱਕ ਫ੍ਰੇਮ ਦੀ ਬਾਰੀਕੀ ਨਾਲ ਕੀਤੀ ਗਈ ਫ਼ੋਰੈਂਸਿਕ ਜਾਂਚ ਤੋਂ ਪਤਾ ਲੱਗਿਆ ਹੈ ਕਿ ਵੀਡੀਓ ਵਿਚ ਦਿਖਾਇਆ ਜਾ ਰਿਹਾ ਵਿਅਕਤੀ ਕਿਸੇ ਵੀ ਕੋਣ (ਐਂਗਲ) ਤੋਂ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ।
ਮੁੱਖ ਮੰਤਰੀ ਨੇ ਅੱਗੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਦਿੱਖ ਨੂੰ ਖ਼ਰਾਬ ਕਰਨ ਲਈ ਕਿਸੇ ਅਦਾਕਾਰ ਦਾ ਸਹਾਰਾ ਲੈ ਕੇ ਇਹ ਸਾਰਾ ਸਵਾਂਗ ਰਚਿਆ ਗਿਆ ਅਤੇ ਵੀਡੀਓ ਰਿਕਾਰਡ ਕੀਤੀ ਗਈ। ਉਨ੍ਹਾਂ ਕਿਹਾ, ”ਮੈਂ ਡੀ.ਜੀ.ਪੀ. ਪੰਜਾਬ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਸ ਫ਼ਰਜ਼ੀ ਵੀਡੀਓ ਨੂੰ ਤਿਆਰ ਕਰਨ ਅਤੇ ਇਸ ਦੇ ਪਿੱਛੇ ਮਾਸਟਰਮਾਈਂਡ ਵਜੋਂ ਕੰਮ ਕਰਨ ਵਾਲੇ ਲੋਕਾਂ ਨੂੰ ਤੁਰੰਤ ਟਰੈਕ ਕਰਕੇ ਜਨਤਾ ਦੇ ਸਾਹਮਣੇ ਬੇਨਕਾਬ ਕੀਤਾ ਜਾਵੇ।”
ਮੁੱਖ ਮੰਤਰੀ ਮਾਨ ਨੇ ਕਿਹਾ, ”ਵੀਡੀਓ ਦੇ ਫ੍ਰੇਮ-ਦਰ-ਫ੍ਰੇਮ ਕੀਤੇ ਗਏ ਤਕਨੀਕੀ ਵਿਸ਼ਲੇਸ਼ਣ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਿਆਸੀ ਮਨਸੂਬਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਮੈਨੂੰ ਬਦਨਾਮ ਕਰਨ ਦੀ ਇਹ ਸਾਜ਼ਿਸ਼ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਸਰਕਾਰ ਨੇ ਅਜਿਹੇ ਫੈਸਲੇ ਲਏ ਹਨ, ਜੋ ਪੰਜਾਬ ਦੇ ਇਤਿਹਾਸ ਵਿਚ ਪਹਿਲਾਂ ਕਦੇ ਨਹੀਂ ਹੋਏ। ਉਨ੍ਹਾਂ ਸੰਸਦ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿਵਾਉਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਵਾਲੀਆਂ ਗੱਡੀਆਂ ਦਾ ਟੈਕਸ ਮੁਆਫ਼ ਕਰਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ (ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ) ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਵਰਗੇ ਕਾਰਜਾਂ ਦਾ ਜ਼ਿਕਰ ਕੀਤਾ। ਬੇਅਦਬੀ ਦੇ ਮਾਮਲਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਾਨੂੰਨ ਬਹੁਤ ਕਮਜ਼ੋਰ ਸੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਸਖ਼ਤ ਬਣਾਇਆ ਹੈ, ਜਿਸ ਨਾਲ ਸੰਗਤ ਦੇ ਹਿਰਦਿਆਂ ਨੂੰ ਸ਼ਾਂਤੀ ਮਿਲੀ ਹੈ। ਵਾਇਰਲ ਵੀਡੀਓ ਬਾਰੇ ਖੁਲਾਸਾ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ.ਜੀ.ਪੀ. ਪੰਜਾਬ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵੀਡੀਓ ਕਿਸ ਨੇ ਬਣਵਾਈ, ਕਿਸ ਨੇ ਪੈਸੇ ਦਿੱਤੇ ਅਤੇ ਇਹ ਕਿੱਥੇ ਸ਼ੂਟ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜ ਕੇ ਜਲਦ ਹੀ ਨਾਨਕ-ਲੇਵਾ ਸੰਗਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਧਰਮ ਦੇ ਕਥਿਤ ਠੇਕੇਦਾਰਾਂ ਵੱਲੋਂ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਪ੍ਰਧਾਨ ਖੁਦ ਨੂੰ ਸੁਖਬੀਰ ਸਿੰਘ ਬਾਦਲ ਦਾ ਵਫ਼ਾਦਾਰ ਸਿਪਾਹੀ ਦੱਸਦੇ ਹਨ, ਜਦੋਂ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦਾ ਸਿਪਾਹੀ ਹੋਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਅਖੀਰ ਵਿਚ ਕਿਹਾ ਕਿ ਵਿਰੋਧੀ ਧਿਰਾਂ ਕੋਲੋਂ ਪੰਜਾਬ ਵਿਚ ਹੋ ਰਿਹਾ ਵਿਕਾਸ ਬਰਦਾਸ਼ਤ ਨਹੀਂ ਹੋ ਰਹੀਆਂ। ਇਸੇ ਲਈ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਜ਼ਿਸ਼ਾਂ ਉਨ੍ਹਾਂ ਨੂੰ ਲੋਕ ਸੇਵਾ ਦੇ ਰਾਹ ਤੋਂ ਪਿੱਛੇ ਨਹੀਂ ਹਟਾ ਸਕਦੀਆਂ ਅਤੇ ਉਹ ਬਿਨਾਂ ਕਿਸੇ ਸਵਾਰਥ ਦੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਦੇ ਰਹਿਣਗੇ।
ਇਤਰਾਜ਼ਯੋਗ ਵੀਡੀਓ ਵਿਵਾਦ: ਮੁੱਖ ਮੰਤਰੀ ਵੱਲੋਂ ਵੀਡੀਓ ਪੂਰੀ ਤਰ੍ਹਾਂ ਨਕਲੀ ਅਤੇ ਫ਼ਰਜ਼ੀ

