ਇਸਲਾਮਾਬਾਦ, 26 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਾਥੀ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ.ਟੀ.ਆਈ.) ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ 9 ਮਈ ਦੀ ਹਿੰਸਾ ਮਗਰੋਂ ਪਾਕਿਸਤਾਨ ਸਰਕਾਰ ਨੇ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਕਾਫੀ ਦਬਾਅ ਬਣਾਇਆ ਹੋਇਆ ਹੈ ਅਤੇ ਬੀਤੇ ਦਿਨੀਂ ਸਾਬਕਾ ਮੰਤਰੀ ਸ਼ੀਰੀਨ ਮਾਜ਼ਰੀ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਨੇ ਇਮਰਾਨ ਖਾਨ ਦੇ ਸਮਰਥਕਾਂ ਵੱਲੋਂ ਪਾਕਿਸਤਾਨ ਦੀਆਂ ਰੱਖਿਆ ਸੰਸਥਾਵਾਂ ‘ਤੇ 9 ਮਈ ਨੂੰ ਕੀਤੇ ਗਏ ਹਮਲਿਆਂ ਅਤੇ ਅੱਗ ਲਾਉਣ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਸੀ। ਜ਼ਿਕਰਯੋਗ ਹੈ ਕਿ ਨੀਮ ਫੌਜੀ ਦਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਅਹਾਤੇ ਵਿੱਚੋਂ 9 ਮਈ ਨੂੰ ਇਮਰਾਨ ਖਾਨ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਸੀ, ਜਦੋਂ ਉਹ ਪੇਸ਼ੀ ਭੁਗਤਨ ਆਏ ਸਨ। ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੇ ਸਮਰਥਕਾਂ ਨੇ ਵੱਖ-ਵੱਖ ਸ਼ਹਿਰਾਂ ਵਿਚ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ।