#OTHERS

ਇਮਰਾਨ ਦੀ ਪਾਰਟੀ ਵੱਲੋਂ ਵਿਰੋਧੀ ਧਿਰ ‘ਚ ਬੈਠਣ ਦਾ ਫ਼ੈਸਲਾ

ਇਸਲਾਮਾਬਾਦ, 17 ਫਰਵਰੀ (ਪੰਜਾਬ ਮੇਲ)- ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਨੇ ਅਗਲੀ ਸਰਕਾਰ ਬਣਾਉਣ ‘ਚ ਨਾਕਾਮ ਹੋਣ ਮਗਰੋਂ ਸੰਸਦ ਵਿਚ ਵਿਰੋਧੀ ਧਿਰ ਵਿਚ ਬੈਠਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਈਆਂ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਾ ਮਿਲਣ ਤੋਂ ਬਾਅਦ ਵੱਡੀਆਂ ਸਿਆਸੀ ਪਾਰਟੀਆਂ ਨੇ ਸੰਘੀ ਸਰਕਾਰ ਬਣਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਚੋਣ ਨਤੀਜਿਆਂ ਵਿਚ ਦਬਦਬਾ ਬਣਾਇਆ, ਜਦੋਂਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਕੋਲ ਸਰਕਾਰ ਬਣਾਉਣ ਲਈ ਕਾਫੀ ਗਿਣਤੀ ਹੋਣ ਦਾ ਦਾਅਵਾ ਹੈ, ਕਿਉਂਕਿ ਕੁਝ ਆਜ਼ਾਦ ਉਮੀਦਵਾਰ ਚੋਣਾਂ ਤੋਂ ਬਾਅਦ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪੀ.ਟੀ.ਆਈ. ਨੇਤਾ ਬੈਰਿਸਟਰ ਮੁਹੰਮਦ ਅਲੀ ਸੈਫ ਨੇ ਐਲਾਨ ਕੀਤਾ ਕਿ ਪੀ.ਟੀ.ਆਈ. ਦੇ ਸੰਸਥਾਪਕ ਖਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਾਰਟੀ ਨੇ ਕੇਂਦਰ ਦੇ ਨਾਲ-ਨਾਲ ਪੰਜਾਬ ਵਰਗੇ ਪ੍ਰਮੁੱਖ ਸੂਬਿਆਂ ਵਿਚ ਵਿਰੋਧੀ ਧਿਰ ਵਿਚ ਬੈਠਣ ਦਾ ਫੈਸਲਾ ਕੀਤਾ ਹੈ।