#INDIA

ਇਮੀਗ੍ਰੇਸ਼ਨ ਤੇ ਵਿਦੇਸ਼ੀਆਂ ਨਾਲ ਸੰਬੰਧਿਤ ਬਿੱਲ ਰਾਜ ਸਭਾ ‘ਚ ਪਾਸ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਮੇਲ)- ਰਾਜ ਸਭਾ ਨੇ ਭਾਰਤ ਵਿਚ ਵਿਦੇਸ਼ੀਆਂ ਦੇ ਇਮੀਗ੍ਰੇਸ਼ਨ, ਪ੍ਰਵੇਸ਼ ਅਤੇ ਠਹਿਰਾਅ ਨੂੰ ਨਿਯਮਿਤ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ-2025 27 ਮਾਰਚ ਨੂੰ ਲੋਕ ਸਭਾ ਵਿਚ ਪਾਸ ਹੋ ਗਿਆ ਸੀ। ਵਿਰੋਧੀ ਧਿਰ ਦੇ ਮੈਂਬਰਾਂ ਦੁਆਰਾ ਪੇਸ਼ ਕੀਤੇ ਗਏ ਵੱਖ-ਵੱਖ ਸੋਧਾਂ ਨੂੰ ਰੱਦ ਕਰਨ ਤੋਂ ਬਾਅਦ ਰਾਜ ਸਭਾ ਨੇ ਬਿੱਲ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ। ਬਿੱਲ ‘ਤੇ ਚਰਚਾ ਦਾ ਜਵਾਬ ਦਿੰਦੇ ਹੋਏ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਪਿਛਲੀ ਕਾਂਗਰਸ ਸਰਕਾਰ ਅਤੇ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ ਸਰਕਾਰ ‘ਤੇ ਦੇਸ਼ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਮਦਦ ਕਰਨ ਅਤੇ ਵੋਟਰ ਸੂਚੀ ਅਤੇ ਰਾਸ਼ਨ ਕਾਰਡਾਂ ‘ਚ ਉਨ੍ਹਾਂ ਦੇ ਨਾਂ ਸ਼ਾਮਲ ਕਰਕੇ ਉਨ੍ਹਾਂ ਦੇ ਰਹਿਣ ‘ਚ ਮਦਦ ਕਰਨ ਦਾ ਦੋਸ਼ ਲਗਾਇਆ। ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨਾਲ ਉੱਚ ਸਦਨ ਤੋਂ ਵਾਕਆਊਟ ਕਰ ਦਿੱਤਾ।