#PUNJAB

ਇਸ ਸਾਲ ਚੋਣ ਮੈਦਾਨ ‘ਚ ਹੀ ਰੁੱਝੇ ਰਹਿਣਗੇ ਪੰਜਾਬੀ!

-ਨਿਗਮ, ਕੌਂਸਲ ਚੋਣਾਂ ਤੇ ਪੰਚਾਇਤ ਸੰਮਤੀਆਂ ਚੋਣਾਂ ਇਕੱਠੀਆਂ ਕਰਵਾਉਣ ਦੀ ਤਿਆਰੀ
ਜਲੰਧਰ, 6 ਜੂਨ (ਪੰਜਾਬ ਮੇਲ)- ਇਸ ਸਾਲ ਪੰਜਾਬੀ ਚੋਣਾਂ ਵਿਚ ਰੁੱਝੇ ਰਹਿਣਗੇ। ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਪੇਂਡੂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਇਕੱਠੇ ਕਰਾਉਣ ਦੀ ਰਣਨੀਤੀ ਬਣਾ ਰਹੀ ਹੈ।
ਸੂਤਰਾਂ ਮੁਤਾਬਕ 5 ਨਗਰ ਨਿਗਮਾਂ ਤੇ 42 ਨਗਰ ਕੌਂਸਲਾਂ ਤੇ ਪੰਚਾਇਤਾਂ ਦੀਆਂ ਚੋਣਾਂ ਇਸੇ ਵਰ੍ਹੇ ਸਤੰਬਰ-ਅਕਤੂਬਰ ਵਿਚ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵੀ ਇਨ੍ਹਾਂ ਨਿਗਮ ਤੇ ਕੌਂਸਲ ਚੋਣਾਂ ਦੇ ਨਾਲ ਹੀ ਕਰਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਦਰਅਸਲ ਇਸ ਵਾਰ ਲੋਕ ਸਭਾ ਚੋਣਾਂ ਵਿਚ ਫਸਵਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਹਰ ਪਾਰਟੀ ਆਪਣੇ ਹੱਕ ਵਿਚ ਲਹਿਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਚੋਣਾਂ ਕਰਵਾ ਕੇ ਬੀ.ਜੇ.ਪੀ. ਤੇ ਸ਼੍ਰੋਮਣੀ ਅਕਾਲੀ ਦਲ ਆਪਣੇ ਹੱਕ ਵਿਚ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਇਸ ਦੇ ਜਵਾਬ ਵਿਚ ਪੇਂਡੂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਕਰਵਾ ਕੇ ਆਪਣੇ ਹੱਕ ਵਿਚ ਲਹਿਰ ਸਿਰਜਣ ਦੀ ਕੋਸ਼ਿਸ਼ ਕਰੇਗੀ।
ਦਰਅਸਲ ਜਲੰਧਰ ਜ਼ਿਮਨੀ ਚੋਣਾਂ ਵਿਚ ਹਾਕਮ ਧਿਰ ਨੂੰ ਮਿਲੀ ਜਿੱਤ ਦਾ ਫ਼ਾਇਦਾ ‘ਆਪ’ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਚ ਲੈਣਾ ਚਾਹੁੰਦੀ ਹੈ। ਪੰਜਾਬ ਵਿਚ 23 ਜ਼ਿਲ੍ਹਾ ਪ੍ਰੀਸ਼ਦਾਂ ਤੇ 153 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ‘ਆਪ’ ਵੱਲੋਂ ਰਣਨੀਤੀ ਘੜੀ ਜਾ ਰਹੀ ਹੈ। ਜੇ ਇਹ ਯੋਜਨਾ ਸਿਰੇ ਚੜ੍ਹਦੀ ਹੈ, ਤਾਂ ਪਹਿਲੀ ਵਾਰ ਹੋਵੇਗਾ ਕਿ ਨਿਗਮ ਤੇ ਕੌਂਸਲ ਚੋਣਾਂ ਤੇ ਪੰਚਾਇਤ ਸੰਮਤੀਆਂ ਚੋਣਾਂ ਇਕੱਠੀਆਂ ਹੋਣਗੀਆਂ।
ਦੱਸ ਦਈਏ ਕਿ ਪੰਜਾਬ ਵਿਚ ਸ਼ਹਿਰੀ ਤੇ ਪੇਂਡੂ ਸਥਾਨਿਕ ਸੰਸਥਾਵਾਂ ‘ਤੇ ਇਸ ਵੇਲੇ ਵਿਰੋਧੀ ਧਿਰਾਂ ਹੀ ਕਾਬਜ਼ ਹਨ। ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਥਾਨਕ ਚੋਣਾਂ ਵਿਚ ‘ਆਪ’ ਆਪਣੀ ਪੈਂਠ ਕਾਇਮ ਕਰਨਾ ਚਾਹੁੰਦੀ ਹੈ। ਉਸ ਮਗਰੋਂ ਹੀ ‘ਆਪ’ ਸਰਕਾਰ ਗਰਾਂਟਾਂ ਦੇ ਮੂੰਹ ਪਿੰਡਾਂ ਤੇ ਸ਼ਹਿਰਾਂ ਵੱਲ ਕਰਨ ਦੀ ਇੱਛੁਕ ਹੈ। ‘ਆਪ’ ਇਨ੍ਹਾਂ ਸਥਾਨਕ ਚੋਣਾਂ ਨਾਲ ਆਪਣਾ ਪਸਾਰ ਕਰਨਾ ਚਾਹੁੰਦੀ ਹੈ ਤੇ ਆਪਣੇ ਸਥਾਨਕ ਪੱਧਰ ਦੇ ਆਗੂਆਂ ਨੂੰ ਰੁਤਬਾ ਦੇਣਾ ਚਾਹੁੰਦੀ ਹੈ ਤਾਂ ਜੋ ਉਹ ਆਗਾਮੀ ਲੋਕ ਸਭਾ ਚੋਣਾਂ ਵਿਚ ਜੁੱਟ ਸਕਣ।

Leave a comment