#AMERICA

ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਦਾ ਕੈਲੀਫੋਰਨੀਆ ‘ਚ ਨਿੱਘਾ ਸਵਾਗਤ

ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸਿਰਪਾਓ ਦੇ ਕੇ ਕੀਤਾ ਗਿਆ ਸਨਮਾਨਿਤ
ਸੈਕਰਾਮੈਂਟੋ, 5 ਅਪ੍ਰੈਲ (ਪੰਜਾਬ ਮੇਲ)- ਇੰਗਲੈਂਡ ਦੇ ਪਹਿਲੇ ਚੁਣੇ ਹੋਏ ਦਸਤਾਰਧਾਰੀ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਕੈਲੀਫੋਰਨੀਆ ਪਹੁੰਚੇ, ਜਿੱਥੇ ਉਨ੍ਹਾਂ ਦਾ ਵੱਖ-ਵੱਖ ਥਾਂਵਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਉਹ ਗੁਰਦੁਆਰਾ ਸਾਹਿਬ ਫਰੀਮਾਂਟ ਪਹੁੰਚੇ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬੋਲਦਿਆਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਮੈਂ ਸਿੱਖ ਮਸਲਿਆਂ ਬਾਰੇ ਇੰਗਲੈਂਡ ਦੀ ਪਾਰਲੀਮੈਂਟ ਵਿਚ ਅਕਸਰ ਆਵਾਜ਼ ਉਠਾਉਂਦਾ ਰਹਿੰਦਾ ਹਾਂ, ਉਹ ਚਾਹੇ ਕਿਸਾਨ ਮੋਰਚੇ ਸੰਬੰਧੀ ਹੋਵੇ, ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਤੋਂ ਸਿੱਧੀਆਂ ਫਲਾਈਟਾਂ ਸੰਬੰਧੀ ਹੋਵੇ, ਮਨੁੱਖੀ ਅਧਿਕਾਰਾਂ ਸੰਬੰਧੀ ਹੋਵੇ ਜਾਂ ਐੱਨ.ਆਰ.ਆਈ. ਸੰਬੰਧੀ ਮਸਲੇ ਹੋਣ। ਇਸ ਉਪਰੰਤ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਲੰਮੀ ਮੀਟਿੰਗ ਕੀਤੀ ਅਤੇ ਸਿੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰੇ ਕੀਤੇ।
ਅਮਰੀਕਨ ਸਿੱਖ ਕਾਕਸ ਕਮੇਟੀ ਦੇ ਚੇਅਰਮੈਨ ਡਾ. ਪ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਾਡੀ ਅਗਲੀ ਨਸਲ ਨੂੰ ਵਿਦੇਸ਼ਾਂ ਵਿਚ ਮੁੱਖ ਧਾਰਾ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਬੱਚੇ ਭਾਵੇਂ ਪੜ੍ਹਾਈ ਵਿਚ ਬਹੁਤ ਅੱਗੇ ਹਨ, ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਸਥਾਨਕ ਰਾਜਨੀਤੀ, ਖੇਡਾਂ, ਮੀਡੀਆ ਆਦਿ ਖੇਤਰਾਂ ਵਿਚ ਵੱਧ-ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ, ਤਾਂ ਕਿ ਸਿੱਖਾਂ ਦੀ ਪਛਾਣ ਵਿਦੇਸ਼ਾਂ ਵਿਚ ਵੀ ਬਣ ਸਕੇ।
ਗਦਰੀ ਬਾਬਿਆਂ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਵੀ ਤਨਮਨਜੀਤ ਸਿੰਘ ਢੇਸੀ ਨੂੰ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਸ. ਢੇਸੀ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਸਾਨੂੰ ਗਦਰੀ ਬਾਬਿਆਂ ਦੀਆਂ ਕੁਰਬਾਨੀਆਂ ਹਮੇਸ਼ਾ ਯਾਦ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਬੜੀ ਖੁਸ਼ੀ ਹੈ ਕਿ ਮੈਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਸ. ਤਨਮਨਜੀਤ ਸਿੰਘ ਢੇਸੀ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵੀ ਵਿਸ਼ੇਸ਼ ਤੌਰ ‘ਤੇ ਗਏ।
ਜ਼ਿਕਰਯੋਗ ਹੈ ਕਿ ਇਸ ਸਾਰੇ ਦੌਰੇ ਦੌਰਾਨ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਸ. ਮੱਖਣ ਸਿੰਘ ਝੱਟੂ ਅਤੇ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a comment