ਚੰਡੀਗੜ੍ਹ, 1 ਦਸੰਬਰ, (ਪੰਜਾਬ ਮੇਲ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਨੇ ਭਾਰਤ ’ਚ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਇਹ ਫੰਡ ਵਿੱਚੋਂ ਰਾਸ਼ੀ ਕਿਸੇ ਕਿਸਾਨ ਜਥੇਬੰਦੀ ਨੂੰ ਅੰਦੋਲਨ ਚਲਾਉਣ ਲਈ ਨਹੀਂ ਬਲਕਿ ਅੰਦੋਲਨ ’ਚ ਕਿਸੇ ਵੀ ਕਾਰਨ ਆਪਣੀ ਜਾਨ ਗੁਆ ਚੁੱਕੇ ਜਾਂ ਜ਼ਖਮੀ ਹੋਏ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ।
ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਨੇ ਦੱਸਿਆ ਕਿ ਇਹ ਫ਼ੈਸਲਾ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ, ਜ਼ਖ਼ਮੀ ਹੋਏ ਕਿਸਾਨਾਂ ਦੇ ਇਲਾਜ, ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਗੁਜ਼ਾਰੇ ਵਜੋਂ ਸਹਾਇਤਾ ਭੇਜੀ ਜਾ ਰਹੀ ਹੈ।