ਨਵੀਂ ਦਿੱਲੀ, 31 ਮਾਰਚ (ਪੰਜਾਬ ਮੇਲ)- ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ । ਦਿੱਲੀ ਪੁਲੀਸ ਨੇ ਕੁਝ ਸ਼ਰਤਾਂ ਨਾਲ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ ਸ਼ਾਮਲ ਹੋਏ। ਇਸ ਮੌਕੇ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ। ਹਰ ਪਿੰਡ ਤੇ ਮੁਹੱਲੇ ਵਿਚ ਮੁਹੱਲ ਕਲੀਨਿਕ ਤੇ ਜ਼ਿਲ੍ਹੇ ਵਿਚ ਮਲਟੀ ਸਪੈਸ਼ਿਲਟੀ ਸਰਕਾਰੀ ਹਸਪਤਾਲ ਹੋਵੇਗਾ ਤੇ ਹਰ ਵਿਅਕਤੀ ਦਾ ਮੁਫਤ ਇਲਾਜ ਕੀਤਾ ਜਾਵੇਗਾ। ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਮੁਤਾਬਕ ਫਸਲਾਂ ’ਤੇ ਐਮਐਸਪੀ ਦਿੱਤਾ ਜਾਵੇਗਾ। ਦਿੱਲੀ ਨੂੰ ਪੂਰਨ ਰਾਜ ਦਾ ਦਰਜ ਦਿਵਾਇਆ ਜਾਵੇਗਾ। ਕੇਜਰੀਵਾਲ ਨੇ ਸੰਦੇਸ਼ ਵਿਚ ਕਿਹਾ ਕਿ ਉਨ੍ਹਾਂ ਨੇ ਇਹ ਗਾਰੰਟੀਆਂ ਲਈ ਆਪਣੇ ਗਠਜੋੜ ਦੇ ਆਗੂਆਂ ਤੋਂ ਇਜਾਜ਼ਤ ਨਹੀਂ ਲਈ ਕਿਉਂਕਿ ਉਹ ਜੇਲ੍ਹ ਵਿਚ ਹਨ ਤੇ ਠੀਕ ਹਨ ਪਰ ਇਸ ’ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਇਸ ਮੌਕੇ ਬਾਕੀ ਆਗੂਆਂ ਨੇ ਅਰਵਿੰਦ ਕੇਜਰੀਵਾਲ ਨਾਲ ਡਟ ਕੇ ਖੜ੍ਹੇ ਹੋਣ ਦਾ ਦਾਅਵਾ ਕੀਤਾ।