#PUNJAB

ਈ.ਡੀ. ਛਾਪਿਆਂ ਮਗਰੋਂ ਪੰਜਾਬ ਦੀ ਸਿਆਸਤ ਭਖੀ

ਚੰਡੀਗੜ੍ਹ, 10 ਜੂਨ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਜ਼ਦੀਕੀ ਸੀ.ਏ. ਅੰਕੁਰ ਗਰਗ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਕਾਰਨ ਸਿਆਸਤ ਭਖ ਗਈ ਹੈ। ਇਸ ਦੌਰਾਨ ‘ਆਪ’ ਅਤੇ ਭਾਜਪਾ ਵੱਲੋਂ ਇੱਕ-ਦੂਜੇ ‘ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੰਦੂ ਵਪਾਰੀ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਇਸ ਦੇ ਬਾਵਜੂਦ ਭਾਜਪਾ ਵੱਲੋਂ ਈ.ਡੀ. ਦੇ ਛਾਪਿਆਂ ਰਾਹੀਂ ਵਪਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਭਾਜਪਾ ਵਪਾਰੀਆਂ ‘ਤੇ ਸਿਆਸੀ ਦਬਾਅ ਪਾ ਕੇ ਉਨ੍ਹਾਂ ਨੂੰ ਆਪਣੇ ਨਾਲ ਮਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਪੰਜਾਬੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਪਾਰੀਆਂ ਨੂੰ ਈ.ਡੀ. ਦੀ ਰੇਡ ਨਾਲ ਤਬਾਹ ਕਰ ਦਿੱਤਾ ਹੈ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਏਜੰਸੀਆਂ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ‘ਆਪ’ ਭ੍ਰਿਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਧਰਮ ਦੀ ਸਿਆਸਤ ਦਾ ਸਹਾਰਾ ਲੈ ਰਹੀ ਹੈ। ਪੰਜਾਬ ਦੇ ਵਪਾਰੀ ਕਿਸੇ ਦੇ ਝਾਂਸੇ ਵਿਚ ਆਉਣ ਵਾਲੇ ਨਹੀਂ ਹਨ।
ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਵਿਚ ਏਜੰਸੀਆਂ ਦੀ ਦੁਰਵਰਤੋਂ ‘ਤੇ ਸਵਾਲ ਚੁੱਕੇ ਜਾ ਰਹੇ ਹਨ। ‘ਆਪ’ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਭਾਜਪਾ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ। ‘ਆਪ’ ਵੱਲੋਂ ਆਪਣੇ ਸਿਆਸੀ ਮਨੋਰਥ ਨੂੰ ਪੂਰਾ ਕਰਨ ਲਈ ਵਪਾਰੀਆਂ ਨੂੰ ਹਿੰਦੂ ਅਤੇ ਸਿੱਖਾਂ ‘ਚ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।