#INDIA

ਈ.ਡੀ. ਵੱਲੋਂ ਆਬਾਕਾਰੀ ਘਪਲੇ ਮਾਮਲੇ ‘ਚ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ

ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ
ਨਵੀਂ ਦਿੱਲੀ, 17 ਮਈ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿਚ ਦਾਇਰ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਕਰਨ ਦੀ ਮੰਗ ਕੀਤੀ ਗਈ ਹੈ। ਏਜੰਸੀ ਨੇ 55 ਸਾਲਾ ਕੇਜਰੀਵਾਲ, ਜੋ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੀ ਹਨ, ਨੂੰ 21 ਮਾਰਚ ਨੂੰ ਇੱਥੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਹ ਇਸ ਸਮੇਂ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ। ਕੁੱਲ ਮਿਲਾ ਕੇ ਇਸ ਮਾਮਲੇ ਵਿਚ ਈ.ਡੀ. ਵੱਲੋਂ ਦਾਇਰ ਅੱਠਵੀਂ ਚਾਰਜਸ਼ੀਟ ਹੈ, ਜਿਸ ਵਿਚ ਉਹ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।